ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤ ਅਮਰੀਕਾ ਟਰੇਡ ਸਮਝੌਤੇ ਤੇ ਹੋਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫ਼ਰਵਰੀ ਨੂੰ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਵਜੋਂ ਅੱਜ ਪਿੰਡ ਤਖ਼ਤਮਲਾਣਾ ਤੇ ਥਾਂਦੇਵਾਲਾ ਵਿਖੇ ਤਿਆਰੀ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਖੇਤੀ ਖੇਤਰ ਨੂੰ ਸਾਮਰਾਜੀ ਦੇਸ਼ ਅਮਰੀਕਾ ਲਈ ਖੋਲ੍ਹ ਕੇ ਬਾਹਰੋਂ ਸਸਤੇ ਖੇਤੀ ਉਤਪਾਦ ਲਿਆ ਕੇ ਮੋਦੀ ਸਰਕਾਰ ਨੇ ਕਿਸਾਨਾਂ ਲਈ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ | ਪਹਿਲਾਂ ਹੀ ਕਰਜ਼ੇ ਹੇਠ ਦੱਬੀ ਹੋਈ ਕਿਸਾਨੀ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ | ਆਗੂਆਂ ਨੇ ਕਿਹਾ ਕਿ ਬੀਜ ਬਿੱਲ ਵੀ ਖੇਤੀ ਖੇਤਰ ਕਾਰਪੋਰੇਟ ਦੇ ਹਵਾਲੇ ਕਰਨ ਦੇ ਮਨਸੂਬੇ ਤਹਿਤ ਹੀ ਲਿਆਂਦਾ ਗਿਆ ਹੈ | ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਵੱਡੀ ਕਿਸਾਨੀ, ਜਿਸ ਕੋਲ ਹਜ਼ਾਰਾਂ ਏਕੜ ਫਾਰਮ ਹਨ, ਉਸ ਦੇ ਮੁਕਾਬਲੇ ਸਾਡੇ ਛੋਟੇ ਦਰਮਿਆਨੇ ਕਿਸਾਨ, ਜਿਨ੍ਹਾਂ ਨੂੰ ਔਸਤਨ ਤਿੰਨ ਕਿੱਲੇ ਜ਼ਮੀਨ ਆਉਂਦੀ ਹੈ, ਦਾ ਮੁਕਾਬਲਾ ਨਹੀਂ ਕਰ ਸਕਦੇ | ਦੂਜੇ ਪਾਸੇ ਅਮਰੀਕੀ ਕਿਸਾਨਾਂ ਨੂੰ ਕਰੋੜਾਂ ਰੁਪਏ ਸਬਸਿਡੀਆਂ ਮਿਲਦੀਆਂ ਹਨ, ਜਦਕਿ ਭਾਰਤ ਦੇ ਕਿਸਾਨਾਂ ਨੂੰ ਬਹੁਤ ਘੱਟ ਰੁਪਏ ਸਬਸਿਡੀ ਮਿਲਦੀ ਹੈ | ਕਿਸਾਨ ਆਗੂ ਭੁਪਿੰਦਰ ਸਿੰਘ ਥਾਂਦੇਵਾਲਾ ਅਤੇ ਜਗਸੀਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਕਿਸਾਨ ਅੰਦੋਲਨ ਲੜ ਕੇ ਖੇਤੀ ਕਾਨੂੰਨ ਰੱਦ ਕਰਵਾਏ ਸੀ, ਉਸੇ ਤਰ੍ਹਾਂ ਕਿਸਾਨਾਂ ਨੂੰ ਅਮਰੀਕੀ ਸਾਮਰਾਜ ਤੇ ਭਾਰਤੀ ਹਾਕਮਾਂ ਦੇ ਖ਼ਿਲਾਫ਼ ਵੱਡੀ ਲਾਮਬੰਦੀ ਕਰਕੇ ਸੰਘਰਸ਼ ਦੇ ਮੈਦਾਨ ਵਿਚ ਉਤਰਨਾ ਪਵੇਗਾ | ਆਗੂਆਂ ਨੇ ਬਿਜਲੀ ਤੇ ਬੀਜ ਬਿੱਲ ਅਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 22 ਫ਼ਰਵਰੀ ਨੂੰ 'ਆਪ' ਸਰਕਾਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਮੂਹਰੇ ਦਿੱਤੇ ਜਾ ਰਹੇ ਧਰਨੇ 'ਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਗੁਰਤੇਜ ਸਿੰਘ, ਅਰਮਾਨਦੀਪ ਸਿੰਘ, ਜਗਦੇਵ ਸਿੰਘ ਥਾਂਦੇਵਾਲਾ, ਬਲਜੀਤ ਸਿੰਘ ਫ਼ੌਜੀ ਝਬੇਲਵਾਲੀ, ਗੁਰਮੀਤ ਸਿੰਘ ਭਲਵਾਨ ਆਦਿ ਕਿਸਾਨ ਹਾਜ਼ਰ ਸਨ |