ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਵਿਸ਼ਾਲ ਹੜਤਾਲ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ | ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ | ਸਰਕਾਰ ਇਕ ਪਾਸੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਸਮੇਂ-ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ, ਪ੍ਰੰਤੂ ਬੇਸਿੱਟਾ ਰਹੀਆਂ | ਉਨ੍ਹਾਂ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਅਤੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਕੀਤੀ ਜਾਵੇਗੀ | ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ |