ਦੋਦਾ, 25 ਫ਼ਰਵਰੀ (ਰਵੀਪਾਲ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ 1 ਮਾਰਚ ਨੂੰ ਮਲੋਟ ਵਿਖੇ ਵਿਭਾਗੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ 4 ਸਾਲਾਂ ਤੋਂ ਉਤੇ ਦਾ ਸਮਾਂ ਬੀਤ ਚੁੱਕਾ ਹੈ, ਪ੍ਰੰਤੂ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਣ ਦਾ ਵਾਅਦਾ ਕਰਕੇ ਸਰਕਾਰ ਨੇ ਅਜੇ ਤੱਕ ਇਸ ਦਿਸ਼ਾ ਵਿਚ ਕੋਈ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤਾਂ ਕੀ ਕਰਨਾ ਸੀ, ਸਗੋਂ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਤੱਕ ਨਹੀਂ ਕੀਤੀਆਂ ਜਾ ਰਹੀਆਂ | ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਯੂਨੀਅਨ ਵਲੋਂ 1 ਮਾਰਚ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਮਲੋਟ ਵਿਖੇ ਘਿਰਾਓ ਕੀਤਾ ਜਾਵੇਗਾ |