ਸ੍ਰੀ ਮੁਕਤਸਰ ਸਾਹਿਬ, 25 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜਨਗਣਨਾ 2027 ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਹਿਲੇ ਫ਼ੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਗਿਆ | ਇਸ ਟ੍ਰੇਨਿੰਗ ਵਿਚ ਜ਼ਿਲ੍ਹੇ ਨਾਲ ਸੰਬੰਧਿਤ ਚਾਰਜ ਅਫ਼ਸਰਾਂ ਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫ਼ਸਰ ਡੈਵੀ ਗੋਇਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਵਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜ਼ਿੰਮੇਵਾਰੀ ਤੇ ਸਮੇਂ ਸਿਰ ਨਿਭਾਈਆਂ ਜਾਣ | ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼ ਪੰਜਾਬ ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ੍ਰੀਮਤੀ ਸੁਪਿ੍ਯਾ ਅਸਿਸਟੈਂਟ ਡਾਇਰੈਕਟਰ ਅਤੇ ਪੰਕਜ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਨਗਣਨਾ 2027 ਸੰਬੰਧੀ ਵੱਖ-ਵੱਖ ਤਕਨੀਕੀ ਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ | ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ ਪੋਰਟਲ ਖੋਲਿ੍ਹਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ |