ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਰਣਜੀਤ ਸਿੰਘ ਮੈਮੋਰੀਅਲ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 1 ਮਾਰਚ ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸੰਗਤ ਵਲੋਂ ਸਮੂਹਿਕ ਅਰਦਾਸ ਕਰਵਾਈ ਜਾ ਰਹੀ ਹੈ | ਇਹ ਅਰਦਾਸ ਮਹਾਰਾਜਾ ਰਣਜੀਤ ਸਿੰਘ ਵਲੋਂ 1 ਮਾਰਚ 1807 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਅਤੇ ਪਰਿਕਰਮਾ ਦੀ ਸ਼ੁਰੂ ਕੀਤੀ ਸੇਵਾ ਦੇ ਸੰਬੰਧ ਵਿਚ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਰਿਟਾ. ਪੀ.ਏ. ਟੂ ਡੀ.ਸੀ. ਨੇ ਦੱਸਿਆ ਕਿ ਇਸ ਦਿਨ ਹੀ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਅਤੇ ਪਰਿਕਰਮਾ ਦੀ ਉਸਾਰੀ ਸ਼ੁਰੂ ਕਰਵਾ ਕੇ ਸ਼ਹਿਰ ਨੂੰ ਵਧੀਆ ਰੂਪ ਦਿੱਤਾ ਸੀ | ਇਸ ਲਈ ਉਨ੍ਹਾਂ ਨੂੰ ਯਾਦ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਕਾਰ ਵਲੋਂ ਉਨ੍ਹਾਂ ਦੀਆਂ ਯਾਦਗਾਰਾਂ ਤਿਆਰ ਕਰਵਾਉਣ ਲਈ ਇਹ ਅਰਦਾਸ ਕਰਵਾਈ ਜਾ ਰਹੀ ਹੈ |