ਮਲੋਟ, 26 ਫ਼ਰਵਰੀ (ਪਾਟਿਲ)- ਨਵੀਂ ਦਾਣਾ ਮੰਡੀ ਮਲੋਟ ਵਿਖੇ ਤਿੰਨ ਦਿਨਾਂ 'ਗੁਰੂ ਮਾਨਿਓ ਗ੍ਰੰਥ' ਸਮਾਗਮ ਦੌਰਾਨ ਪ੍ਰਸਿੱਧ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਕਿਸੇ ਵੀ ਧਰਮ ਗ੍ਰੰਥ ਦੀ ਬੇਅਦਬੀ ਦੇ ਵਧ ਰਹੇ ਮਾਮਲਿਆਂ 'ਤੇ ਗੰਭੀਰ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਾਰਨ ਵਰਗੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਸੰਘਰਸ਼ ਹੋਏ, ਮੋਰਚੇ ਲੱਗੇ ਤੇ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਭਾਈ ਸਾਹਿਬ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ ਕਿਸੇ ਮਨੁੱਖ ਨੂੰ ਨੁਕਸਾਨ ਪਹੁੰਚਾਉਣ 'ਤੇ ਕਾਨੂੰਨੀ ਧਾਰਾਵਾਂ ਲੱਗਦੀਆਂ ਹਨ ਅਤੇ ਦੋਸ਼ੀ ਨੂੰ ਸਜ਼ਾ ਮਿਲਦੀ ਹੈ, ਉਸੇ ਤਰ੍ਹਾਂ ਧਰਮ ਗ੍ਰੰਥਾਂ ਦੀ ਬੇਅਦਬੀ ਲਈ ਵੀ ਸਪੱਸ਼ਟ ਤੇ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਦੋਸ਼ੀ ਮਾੜਾ ਵਰਤਾਰਾ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ | ਸਮਾਗਮ ਦੌਰਾਨ ਮੌਜੂਦ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਰਾਹੀਂ ਪੰਜਾਬ ਸਰਕਾਰ ਨੂੰ ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ 'ਚ ਤੁਰੰਤ ਕਦਮ ਚੁੱਕੇ ਅਤੇ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਸੁਰੱਖਿਆ ਲਈ ਇਕਸਾਰ ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਏ | ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਐਸਾ ਹੋਵੇ, ਜਿਸ ਦੀ ਕੋਈ ਦੁਰਵਰਤੋਂ ਨਾ ਕਰ ਸਕੇ ਅਤੇ ਨਿਰਦੋਸ਼ ਲੋਕ ਪ੍ਰੇਸ਼ਾਨ ਨਾ ਹੋਣ | ਭਾਈ ਰਣਜੀਤ ਸਿੰਘ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਸ਼ਾਂਤੀ ਅਤੇ ਕਾਨੂੰਨੀ ਦਾਇਰੇ ਵਿਚ ਰਹਿੰਦੇ ਹੋਏ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇ, ਤਾਂ ਜੋ ਧਾਰਮਿਕ ਸੰਸਥਾਵਾਂ ਤੇ ਗ੍ਰੰਥਾਂ ਦੀ ਮਰਿਯਾਦਾ ਬਣੀ ਰਹੇ | ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ ਅਤੇ ਸਭ ਨੇ ਇਕਸੁਰ ਹੋ ਕੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਦਾ ਸਮਰਥਨ ਕੀਤਾ |