ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 16ਵਾਂ ਮਹਾਨ ਨਗਰ ਕੀਰਤਨ 28 ਫ਼ਰਵਰੀ ਨੂੰ ਸਵੇਰੇ 8 ਵਜੇ ਅਰਦਾਸ ਉਪਰੰਤ ਗੁਰਦੁਆਰਾ ਗੁਪਤਸਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫ਼ੁੱਲਾਂ ਨਾਲ ਸ਼ਿੰਗਾਰੀ ਵੱਡੀ ਬੱਸ ਵਾਲੀ ਪਾਲਕੀ ਵਿਚ ਸ਼ੁਸ਼ੋਭਿਤ ਹੋਣਗੇ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਜਾ ਰਹੇ ਇਸ ਨਗਰ ਕੀਰਤਨ ਵਿਚ ਗੁਰਦੁਆਰਾ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਪੰਜਾ ਸਾਹਿਬ ਦੇ ਦੁਨੀਆ ਦੇ ਸਭ ਤੋਂ ਵੱਡੇ ਮਾਡਲ ਬਣਾ ਕੇ ਵੱਡੇ-ਵੱਡੇ ਟਰੱਕ ਟਰਾਲਿਆਂ 'ਤੇ ਸਜਾ ਕੇ ਨਗਰ ਕੀਰਤਨ ਵਿਚ ਸ਼ਾਮਿਲ ਕੀਤੇ ਜਾਣਗੇ | ਸਿੱਖ ਇਤਿਹਾਸ ਨਾਲ ਸੰਬੰਧਿਤ ਇਕ ਵੱਡੀ ਪ੍ਰਦਰਸ਼ਨੀ ਨਗਰ ਕੀਰਤਨ ਵਿਚ ਸ਼ਾਮਿਲ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ ਅਤੇ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਮੁਕਤਸਰ ਸਾਹਿਬ ਦੇ 64 ਪਿੰਡਾਂ ਦੇ ਸਾਰੇ ਸਕੂਲਾਂ ਵਿਚ 13 ਹਜ਼ਾਰ ਬੱਚਿਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਦੇ ਸੰਪੂਰਨ ਹੋਣ ਦੀ ਅਰਦਾਸ ਦੇ ਸੰਬੰਧ ਵਿਚ ਕਰਵਾਇਆ ਜਾ ਰਿਹਾ ਹੈ | ਪਹਿਲੇ ਦਿਨ ਰਾਤਰੀ ਵਿਸ਼ਰਾਮ ਗੁਰਦੁਆਰਾ ਦੋਦਾ ਤਾਲ ਪਾਤਿਸ਼ਾਹੀ ਦਸਵੀਂ ਗੁਰੂ ਕੀ ਢਾਬ ਜ਼ਿਲ੍ਹਾ ਫ਼ਰੀਦਕੋਟ, ਦੂਜੇ ਦਿਨ ਇੱਥੋਂ ਸ਼ੁਰੂਆਤ ਹੋ ਕੇ ਰਾਤਰੀ ਵਿਸ਼ਰਾਮ ਗੁਰਦੁਆਰਾ ਜਾਮਣੀ ਸਾਹਿਬ ਪਾਤਸ਼ਾਹੀ ਦਸਵੀਂ ਫ਼ਿਰੋਜ਼ਪੁਰ, ਤੀਜੇ ਦਿਨ 2 ਮਾਰਚ ਨੂੰ ਇੱਥੋਂ ਸਵੇਰੇ 7:30 ਸ਼ੁਰੂ ਹੋ ਕੇ ਰਾਤਰੀ ਵਿਸ਼ਰਾਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਚੌਥੇ ਦਿਨ 3 ਮਾਰਚ ਨੂੰ ਇੱਥੋਂ 7:30 ਵਜੇ ਆਰੰਭ ਹੋ ਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਪੰਜਵੇਂ ਦਿਨ 4 ਮਾਰਚ ਨੂੰ ਸਵੇਰੇ 8:30 ਵਜੇ ਇੱਥੋਂ ਆਰੰਭ ਹੋ ਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸਾਹਿਬ ਬਾਬਾ ਰਾਜਾ ਰਾਮ, ਛੇਵੇਂ ਦਿਨ 5 ਮਾਰਚ ਨੂੰ ਸਵੇਰੇ 7:30 ਵਜੇ ਇਥੋਂ ਆਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਗੁਰਦੁਆਰਾ ਪਾਤਸ਼ਾਹੀ ਪਹਿਲੀ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਸੱਤਵੇਂ ਅਖ਼ੀਰਲੇ ਦਿਨ 6 ਮਾਰਚ ਨੂੰ ਸਵੇਰੇ 8:30 ਵਜੇ ਇਥੋਂ ਆਰੰਭ ਹੋ ਕੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਗੇਟ ਪਾਕਿਸਤਾਨ (ਬਾਰਡਰ) ਵਿਖੇ ਅਰਦਾਸ ਉਪਰੰਤ ਸੰਪੂਰਨ ਹੋਵੇਗਾ | ਪ੍ਰਬੰਧਕ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਸੋਢੀ ਨੇ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ਵਿਚ ਰੂਟ ਮੁਤਾਬਿਕ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ |