•ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ. ਐੱਸ. ਪੀ.
ਸ੍ਰੀ ਮੁਕਤਸਰ ਸਾਹਿਬ, 27 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਵਿਸ਼ਾਲ ਪੱਧਰ 'ਤੇ ਵਿਸ਼ੇਸ਼ ਨਾਕੇਬੰਦੀ ਤੇ ਸਰਚ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦੀ ਅਗਵਾਈ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ | ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਿਸ਼ੇਸ਼ ਸਰਚ ਅਭਿਆਨ ਚਲਾਇਆ | ਇਸ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ 'ਚ ਕੁੱਲ 18 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਹਰ ਨਾਕੇ 'ਤੇ ਔਸਤਨ 11 ਪੁਲਿਸ ਮੁਲਾਜ਼ਮ ਤਾਇਨਾਤ ਰਹੇ | ਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਾਨਕ ਤੇ ਪ੍ਰਭਾਵਸ਼ਾਲੀ ਸਰਚ ਅਭਿਆਨ ਚਲਾਇਆ | ਕੁਲ 200 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ 'ਤੇ ਤਾਇਨਾਤ ਸਨ | ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਅਗਵਾਈ ਐੱਸ. ਪੀ. (ਡੀ) ਮਨਮੀਤ ਸਿੰਘ ਢਿੱਲੋਂ ਤੇ ਸੰਬੰਧਿਤ ਸਬ ਡਵੀਜ਼ਨਾਂ ਦੇ ਡੀ. ਐੱਸ. ਪੀਜ਼. ਬਚਨ ਸਿੰਘ ਡੀ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ, ਅਰੁਨ ਮੁੰਡਨ ਡੀ. ਐੱਸ. ਪੀ. ਗਿੱਦੜਬਾਹਾ, ਨਵੀਨ ਪਾਲ ਸਿੰਘ ਡੀ. ਐੱਸ. ਪੀ. ਮਲੋਟ ਤੇ ਹਰਬੰਸ ਸਿੰਘ ਡੀ. ਐੱਸ. ਪੀ. ਲੰਬੀ ਵਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਤੇ ਚੈਕਿੰਗ ਦੌਰਾਨ ਹਰ ਪੱਧਰ 'ਤੇ ਪੂਰੀ ਸਖ਼ਤੀ ਬਣੀ ਰਹੇ | ਇਸ ਮੌਕੇ ਪੀ. ਏ. ਆਈ. ਐੱਸ. ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਵੈਰੀਫ਼ਿਕੇਸ਼ਨ ਕੀਤੀ ਗਈ | ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ਵਿਚ ਸ਼ਾਮਿਲ ਨਾ ਹੋਵੇ | ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜ਼ਿਲ੍ਹੇ ਦੀ ਸ਼ਾਂਤੀ, ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਾਕੇਬੰਦੀ ਤੇ ਸਖ਼ਤ ਚੈਕਿੰਗ
ਅਜੀਤ ਡੈਸਕ
28-02-2026