ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐੱਨ.ਜੀ.ਓਜ਼. ਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ 'ਚ ਵੱਖ-ਵੱਖ ਟੀਮਾਂ ਬਣਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂ ਕਰਵਾਉਣਗੇ | ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਹੋਣਗੇ | ਉਨ੍ਹਾਂ ਐਂਟੀ ਡਰੱਗ ਅਵੇਅਰਨੈੱਸ ਕੰਪੇਨ ਟੀਮ ਦੇ ਮੈਂਬਰ ਰੁਪਿੰਦਰ ਸਿੰਘ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਯੂਨੀਵਰਸਿਟੀ ਦੇ ਸਾਈਕਲੋਜੀ ਵਿਭਾਗ ਨਾਲ ਮਿਲ ਕੇ ਪ੍ਰੋਗਰਾਮ ਤਿਆਰ ਕਰਨਗੇ ਤੇ ਨਸ਼ਿਆਂ ਸੰਬੰਧੀ ਜਾਗਰੂਕ ਕਰਨ ਲਈ ਸ਼ਡਿਊਲ ਤਿਆਰ ਕਰਨ, ਤਾਂ ਜੋ ਨਸ਼ਿਆਂ ਸੰਬੰਧੀ ਜਾਗਰੂਕਤਾ ਅਭਿਆਨ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ਼ਿਵਾਂਸ਼ ਅਸਥਾਨਾ, ਸਿਵਲ ਸਰਜਨ ਡਾ. ਸੁਨੀਲ ਬਾਂਸਲ ਆਦਿ ਹਾਜ਼ਰ ਸਨ |