ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਸਥਾਨਿਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਹੋਲਾ ਮਹੱਲਾ ਸੰਬੰਧੀ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ 4 ਮਾਰਚ ਨੂੰ ਸਜਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਅਰੰਭ ਹੋ ਗਏ ਹਨ, ਜਿਸ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਇਸ ਤੋਂ ਬਾਅਦ ਕੀਰਤਨ ਸਮਾਗਮ ਹੋਵੇਗਾ, ਜਿਸ ਵਿਚ ਰਾਗੀ ਜਥੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਦੀਵਾਨਾਂ ਦੀ ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਜਿਸ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਪੁੱਜੇਗਾ | ਇਥੋਂ ਫਿਰ ਵਾਪਸੀ 'ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਨਿਵਾਸ ਵਿਖੇ ਪੁੱਜ ਕੇ ਸਮਾਪਤੀ ਹੋਵੇਗੀ |