ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਨਾਨਕ ਨਿਵਾਸ ਬੂੜਾ ਗੁੱਜਰ ਰੋਡ ਕੋਟਲੀ ਦੇਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ ਦੀ ਪ੍ਰੇਰਨਾ ਤੇ ਸੰਗਤ ਦੇ ਸਹਿਯੋਗ ਨਾਲ ਹੋਲਾ ਮਹੱਲਾ ਸ਼ਰਧਾ ਨਾਲ ਮਨਾਇਆ | ਸਵੇਰ ਮੌਕੇ 7 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ 'ਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਗੁਰਬਾਣੀ ਦਾ ਮੁੱਖ ਵਾਕ ਲਿਆ ਗਿਆ | ਇਸ ਮਗਰੋਂ ਸੰਗਤ ਨੂੰ ਸੰਬੋਧਨ ਕਰਦਿਆਂ ਭਾਈ ਗੁਰਮੀਤ ਸਿੰਘ ਵਲੋਂ ਹੋਲੇ ਮਹੱਲੇ ਦੀ ਵਧਾਈ ਦਿੱਤੀ | ਇਸ ਮੌਕੇ ਅਖੰਡ ਪਾਠਾਂ ਦੀ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੂੰ ਸਨਮਾਨਿਤ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਵਲੋਂ ਹੋਲੇ ਮਹੱਲੇ ਦੀ ਮਹੱਤਤਾ 'ਤੇ ਚਾਨਣਾ ਪਾਇਆ ਤੇ ਸੰਗਤ ਨੂੰ ਵਧਾਈ ਦਿੱਤੀ ਗਈ | ਇਸ ਤੋਂ ਬਾਅਦ ਲੰਗਰ ਹਾਲ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਉਪਰੰਤ ਫ਼ੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ ਤੇ ਭਾਈ ਗੁਰਮੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਨਾਨਕ ਨਿਵਾਸ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦੀ ਆਰੰਭਤਾ ਹੋਈ | ਇਸ ਮੌਕੇ ਨਗਰ ਕੀਰਤਨ ਦੇ ਨਾਲ ਚੱਲ ਰਹੀ ਟਰਾਲੀ ਵਿਚ ਸਵਾਰ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ | ਪਾਲਕੀ ਸਾਹਿਬ ਦੇ ਮਗਰ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ | ਪਿੰਡ ਕੋਟਲੀ ਦੇਵਨ ਦੇ ਨੌਜਵਾਨ ਸੇਵਾਦਾਰਾਂ ਵਲੋਂ ਗੁਰਦੁਆਰਾ ਸਾਹਿਬ ਅੱਗੇ ਵੱਖ-ਵੱਖ ਰੰਗਾਂ ਨਾਲ ਸੁੰਦਰ ਰੰਗੋਲੀ ਸਜਾਈ ਗਈ | ਇਹ ਨਗਰ ਕੀਰਤਨ ਮਸਜਿਦ ਚੌਕ ਤੋਂ ਰੇਲਵੇ ਰੋਡ ਮਲੋਟ ਰੋਡ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 'ਤੇ ਪਹੁੰਚਿਆ | ਇਸ ਗੇਟ ਰਾਹੀਂ ਸੰਗਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ | ਇੱਥੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸ਼ਹਿਰ ਤੋਂ ਇਲਾਵਾ ਪਿੰਡ ਵਿਚ ਵੀ ਸੰਗਤ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਭਾਈ ਗੁਰਮੀਤ ਸਿੰਘ ਨੇ ਸਹਿਯੋਗ ਲਈ ਸਮੂਹ ਸੰਗਤ ਦਾ ਧੰਨਵਾਦ ਕੀਤਾ | ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਗਏ ਸਹਿਯੋਗ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦਾ ਧੰਨਵਾਦ ਕੀਤਾ |