ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਜਨਰਲ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਹਰਾਜ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪੈਨਸ਼ਨਰਜ਼ ਤੇ ਪਰਿਵਾਰਕ ਪੈਨਸ਼ਨਰ ਭੈਣਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਤੇ ਵਿਜੈ ਕੁਮਾਰ ਸੋਈ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਚਰਚਾ ਕੀਤੀ ਗਈ | ਆਗੂਆਂ ਸ਼ਿਵਦੀਪ ਸਿੰਘ ਬਰਾੜ ਤੇ ਬਲਜੀਤ ਸਿੰਘ ਬਰਾੜ ਨੇ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਕਿਹਾ ਹੈ | ਇਸ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ | ਮੀਟਿੰਗ ਵਿਚ ਏਜੰਡਿਆਂ 'ਤੇ ਭਰਵੀਂ ਵਿਚਾਰ ਚਰਚਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਤੇ ਜ਼ਬਰ ਦਾ ਰਾਹ ਛੱਡ ਕੇ ਜਥੇਬੰਦੀਆਂ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਕੀਤੇ ਜਾਣ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹ ਬਿੱਲ ਰੱਦ ਕੀਤਾ ਜਾਵੇ | ਇਸ ਮੌਕੇ ਪੈਨਸ਼ਨਰਾਂ ਵਲੋਂ ਬਿਜਲੀ ਬਿੱਲ ਦੀਆਂ ਕਾਪੀਆਂ ਸਾੜ ਕੇ ਪ੍ਰਦਸ਼ਨ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਅੱਜ ਪੈਨਸ਼ਨਰ ਐਸੋਸੀਏਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਚੰਡੀਗੜ੍ਹ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ ਹੈ | ਜੇਕਰ ਫ਼ਿਰ ਵੀ ਸਰਕਾਰ ਨੇ ਆਪਣੀ ਹਟੀ ਨੀਤੀਆਂ ਤਿਆਗ ਕੇ ਮਸਲੇ ਹੱਲ ਨਾ ਕੀਤੇ ਤਾਂ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵਲੋਂ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਦਾ 28 ਮਾਰਚ ਨੂੰ ਘਿਰਾਓ ਕੀਤਾ ਜਾਵੇਗਾ | ਇਸ ਵਿਚ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਲੋ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ, ਮੀਤ ਪ੍ਰਧਾਨ ਜਰਨੈਲ ਸਿੰਘ, ਸਕੱਤਰ ਅਮਰਜੀਤ ਪਾਲ ਸ਼ਰਮਾ, ਸਹਾਇਕ ਸਕੱਤਰ ਸ਼ਿਵਦੀਪ ਸਿੰਘ ਬਰਾੜ, ਐਡੀਟਰ ਮੇਜਰ ਸਿੰਘ, ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ, ਬਲਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ |