ਗਿੱਦੜਬਾਹਾ, 7 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਚੌਰਸਤਾ ਬਾਹੱਦ ਪਿੰਡ ਸੁਖਨਾ ਮੌਜੂਦ ਸਨ ਤਾਂ ਨਜ਼ਦੀਕ ਬਣੇ ਮੋਟਰ ਵਾਲੇ ਕਮਰੇ ਦੇ ਬਰਾਂਡੇ ਵਿਚ ਇਕ ਵਿਅਕਤੀ ਨਸ਼ੀਲੀ ਵਸਤੂ ਦਾ ਸੇਵਨ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਅੱਗ ਜਲਾਉਣ ਵਾਲਾ ਲਾਇਟਰ, ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਦੋਦਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |