ਮਲੋਟ, 7 ਅਪ੍ਰੈਲ (ਪਾਟਿਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਨੂੰ ਪੰਜਾਬ ਸਰਕਾਰ ਵਲੋਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵਲੋਂ ਬੱਚਿਆਂ ਦੇ ਮਾਹਿਰ ਡਾ. ਸੁਖਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ, ਜੋ ਸਿਵਲ ਹਸਪਤਾਲ ਮਲੋਟ ਵਿਖੇ ਹਰ ਰੋਜ਼ ਸੇਵਾ ਨਿਭਾਉਣਗੇ | ਇਸ ਸਮੇਂ ਡਾ. ਸੁਨੀਲ ਬਾਂਸਲ ਵਲੋਂ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਡਾਕਟਰ ਦੀ ਆਸਾਮੀ ਕਾਫ਼ੀ ਲੰਮੇ ਸਮੇਂ ਤੋਂ ਖ਼ਾਲੀ ਸੀ ਤੇ ਇਲਾਕਾ ਵਾਸੀ ਬੱਚਿਆਂ ਦੇ ਚੰਗੇ ਡਾਕਟਰ ਦੀ ਮੰਗ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਰਾਜਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ |