ਦੋਦਾ, 8 ਅਪ੍ਰੈਲ (ਰਵੀਪਾਲ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ, ਜਿਸ ਵਿਚ ਮਜ਼ਦੂਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੌਜੂਦਾ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ | ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਦੀ ਵੈੱਬਸਾਈਟ ਪਿਛਲੇ ਇਕ ਮਹੀਨੇ ਤੋਂ ਬੰਦ ਪਈ ਹੈ | ਇਸ ਕਾਰਨ ਮਜ਼ਦੂਰ ਸੇਵਾ ਕੇਂਦਰਾਂ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ ਅਤੇ ਉਨ੍ਹਾਂ ਦੇ ਕੰਮ ਨਹੀਂ ਹੋ ਰਹੇ | ਸਰਕਾਰ ਤੇ ਸੰਬੰਧਿਤ ਵਿਭਾਗ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ | ਮੀਟਿੰਗ 'ਚ ਸਰਕਾਰ ਵਲੋਂ ਪੁਰਾਣੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਬਣਾਏ ਗਏ ਚਾਰ ਲੇਬਰ ਕੋਡਾਂ ਦੀ ਨਿਖੇਧੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ | ਯੂਨੀਅਨ ਨੇ ਇਤਰਾਜ ਜਤਾਇਆ ਕਿ ਕੰਮ ਦੇ ਸਮੇਂ ਨੂੰ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨਾ ਮਜ਼ਦੂਰਾਂ ਦੀ ਸਿਹਤ ਤੇ ਜਾਨ ਨਾਲ ਖਿਲਵਾੜ ਹੈ | ਇਹ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਹੈ | ਮਜ਼ਦੂਰਾਂ ਦੇ ਬੱਚਿਆਂ ਦੇ ਵਜ਼ੀਫ਼ਿਆਂ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਨਾ ਮਿਲਣ ਕਾਰਨ ਮਜ਼ਦੂਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਚਾਰ ਲੇਬਰ ਕੋਡਾਂ 'ਤੇ ਮੁੜ ਵਿਚਾਰ ਕਰਕੇ ਪੁਰਾਣੀ ਵਿਵਸਥਾ ਬਹਾਲ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਜ਼ੀਫ਼ਿਆਂ ਦੀ ਅਦਾਇਗੀ ਅਤੇ ਬੰਦ ਪਈ ਸਾਈਟ ਨੂੰ ਤੁਰੰਤ ਚਾਲੂ ਨਾ ਕੀਤਾ ਗਿਆ, ਤਾਂ ਮਜ਼ਦੂਰ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ | ਇਸ ਮੌਕੇ ਪ੍ਰੀਤਮ ਸਿੰਘ ਵੈਦਾ, ਗੁਰਸੇਵਕ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ ਆਦਿ ਮਜ਼ਦੂਰ ਆਗੂ ਹਾਜ਼ਰ ਸਨ |