ਫ਼ਰੀਦਕੋਟ, 8 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਵੀਰੇਵਾਲਾ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਕਥਿਤ ਦੋਸ਼ੀ ਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਵੀਰੇਵਾਲਾ ਰੋਡ, ਫ਼ਰੀਦਕੋਟ ਵਿਖੇ ਨਾਕੇ 'ਤੇ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ 'ਤੇ ਰਾਜਵੀਰ ਸਿੰਘ ਉਰਫ਼ ਦੀਪਕ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਕੱਟਾ .32 ਬੋਰ, ਤਿੰਨ ਰੋਂਦ .32 ਬੋਰ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਸ ਦੇ ਇਕ ਹੋਰ ਸਾਥੀ ਯੋਗੇਸ਼ ਮੋਗਾ ਉਰਫ਼ ਸ਼ਿਵਮ ਪੁੱਤਰ ਉਡੀਕ ਚੰਦ ਵਾਸੀ ਫ਼ਰੀਦਕੋਟ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੂਜੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |