ਫ਼ਰੀਦਕੋਟ, 8 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਦੀ ਮੀਟਿੰਗ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਰ ਵਾਰ ਮੀਟਿੰਗਾਂ ਕਰਕੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ | ਮਾਨ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਅਸਥਾਈ ਤੌਰ 'ਤੇ ਕੰਮ ਕਰ ਰਹੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਕੱਚੇ ਮੁਲਾਜ਼ਮਾਂ ਨੂੰ ਲਾਅਰੇ ਲੱਪਿਆਂ 'ਚ ਰੱਖ ਕੇ ਆਪਣਾ ਸਮਾਂ ਲੰਘਾਇਆ ਜਾ ਰਿਹਾ ਹੈ | ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ 'ਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ | ਜਿਸ ਦੇ ਵਿਰੋਧ ਵਜੋਂ ਐਸੋਸੀਏਸ਼ਨ ਦੇ ਝੰਡੇ ਹੇਠ ਸੂਬਾ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ 'ਚ ਮਿਤੀ 11 ਅਪ੍ਰੈਲ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਹਲਕਾ ਦਿੜ੍ਹਬਾ ਵਿਖੇ ਪੇਂਡੂ ਖੇਤਰਾਂ ਵਿਚ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦੇ ਪੰਪ ਆਪ੍ਰੇਟਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਧਰਨਾ ਦਿੱਤਾ ਜਾਵੇਗਾ | ਜਿਸ 'ਚ ਫ਼ਰੀਦਕੋਟ ਜ਼ਿਲ੍ਹੇ ਦੇ ਪੰਪ ਆਪ੍ਰੇਟਰ ਵੀ ਬਹੁ ਗਿਣਤੀ ਵਿਚ ਭਾਗ ਲੈਣਗੇ | ਇਸ ਮੌਕੇ ਨਿਰਭੈ ਸਿੰਘ ਜੈਤੋ, ਗੁਰਚਰਨ ਸਿੰਘ ਕੋਟਕਪੂਰਾ, ਕਸ਼ਮੀਰ ਸਿੰਘ ਫ਼ਰੀਦਕੋਟ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |