ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜੈਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਰ-ਵਾਰ ਮੀਟਿੰਗਾਂ ਕਰਕੇ ਕੋਈ ਵੀ ਮੰਗ ਪੂਰੀ ਨਹੀਂ ਕੀਤੀ | ਮਾਨ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਅਸਥਾਈ ਤੌਰ 'ਤੇ ਕੰਮ ਕਰ ਰਹੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਕੱਚੇ ਮੁਲਾਜ਼ਮਾਂ ਨੂੰ ਲਾਰੇ ਲੱਪਿਆਂ 'ਚ ਰੱਖ ਕੇ ਆਪਣਾ ਸਮਾਂ ਲੰਘਾਇਆ ਜਾ ਰਿਹਾ ਹੈ | ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ 'ਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ, ਜਿਸ ਦੇ ਵਿਰੋਧ ਵਜੋਂ ਐਸੋਸੀਏਸ਼ਨ ਦੇ ਝੰਡੇ ਹੇਠ ਸੂਬਾ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ 11 ਅਪ੍ਰੈਲ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਹਲਕਾ ਦਿੜ੍ਹਬਾ ਵਿਖੇ ਪੇਂਡੂ ਖੇਤਰਾਂ ਵਿਚ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦੇ ਪੰਪ ਆਪ੍ਰੇਟਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪੰਪ ਆਪ੍ਰੇਟਰ ਵੀ ਵੱਡੀ ਗਿਣਤੀ 'ਚ ਭਾਗ ਲੈਣਗੇ | ਇਸ ਮੌਕੇ ਬਲਾਕ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਮਰਿੰਦਰ ਸਿੰਘ, ਬਲਾਕ ਪ੍ਰਧਾਨ ਗਿੱਦੜਬਾਹਾ ਗੁਰਦੀਪ ਸਿੰਘ, ਬਲਾਕ ਪ੍ਰਧਾਨ ਮਲੋਟ ਸੁਖਜੀਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਗੁਰਵਿੰਦਰ ਸਿੰਘ ਤੇ ਜਗਮੀਤ ਸਿੰਘ ਹਾਜ਼ਰ ਸਨ |