ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਰਤੀ ਗਈ ਭਾਸ਼ਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਰਾਜਨੀਤਕ ਆਗੂਆਂ ਨੂੰ ਜਨਤਕ ਮੰਚਾਂ ਤੋਂ ਅਜਿਹੀ ਭੱਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਪੰਜਾਬ ਦਾ ਸਿਆਸੀ ਤੇ ਸਮਾਜਿਕ ਮਾਹੌਲ ਖ਼ਰਾਬ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਿਆਸਤ 'ਚ ਮਤਭੇਦ ਹੋ ਸਕਦੇ ਹਨ, ਪਰ ਭਾਸ਼ਾ ਦੀ ਮਰਿਆਦਾ ਨੂੰ ਕਾਇਮ ਰੱਖਣਾ ਹਰ ਆਗੂ ਦਾ ਫ਼ਰਜ਼ ਹੈ |