ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਨਸ਼ਾ ਤਸਕਰ ਵਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ | ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਬਰੀਵਾਲਾ ਅੰਦਰ ਆਉਂਦੇ ਪਿੰਡ ਮਰਾੜ੍ਹ ਕਲਾਂ ਦੇ ਗੁਰਜੀਤ ਸਿੰਘ ਦੀ ਗ਼ੈਰਕਾਨੂੰਨੀ ਤਰੀਕੇ ਨਾਲ ਇਕ ਇਮਾਰਤ ਬਣਾਈ ਗਈ ਸੀ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ 'ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ | ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗ਼ੈਰਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ | ਇਸ ਮਾਮਲੇ ਵਿਚ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਨੇ ਦੱਸਿਆ ਕਿ ਗੁਰਜੀਤ ਸਿੰਘ 'ਤੇ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ 'ਚ ਵਿਆਪਕ ਪੱਧਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਐੱਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਪ੍ਰਸ਼ਾਸਨ ਹਾਜ਼ਰ ਸੀ |