23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਅੱਜ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ, ਉਪਰੰਤ ਹੁਕਮਨਾਮਾ ਲਿਆ ਗਿਆ | ਉਪਰੰਤ ਭਾਈ ਗਗਨਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵਲੋਂ ਸਮੂਹ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਵਸ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮਗਰੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਇੱਥੇ ਸਾਰਾ ਦਿਨ ਹੀ ਕੀਰਤਨ ਪ੍ਰਵਾਹ ਚੱਲਦਾ ਰਿਹਾ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੀਰਤਨ ਸਰਵਣ ਕੀਤਾ | ਗੁਰਦੁਆਰਾ ਤੰਬੂ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਸੰਗਤ ਦੀ ਸਹੂਲਤ ਲਈ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਤੇ ਭਾਈ ਮਹਾਂ ਸਿੰਘ ਦੀਵਾਨ ਹਾਲ ਨੇੜੇ ਲੰਗਰ ਚੱਲ ਰਹੇ ਸਨ | ਪਵਿੱਤਰ ਮੁਕਤ ਸਰੋਵਰ ਵਿਚ ਸੰਗਤ ਵਲੋਂ ਇਸ਼ਨਾਨ ਕੀਤੇ ਗਏ | ਸ਼ਹਿਰ ਵਿਚ ਵੀ ਵੱਖ-ਵੱਖ ਥਾਵਾਂ 'ਤੇ ਵਿਸਾਖੀ ਦੇ ਦਿਹਾੜੇ 'ਤੇ ਸੰਗਤ ਲਈ ਲੰਗਰ ਲਾਏ ਗਏ | ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਵੀ ਪਾਠ ਦੇ ਭੋਗ ਪਾਏ ਗਏ ਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਦੀਵਾਨ ਸਜਾਏ ਗਏ | ਇਸ ਤਰ੍ਹਾਂ ਹੀ ਗੁਰਦੁਆਰਾ ਨਾਨਕ ਨਿਵਾਸ ਕੋਟਲੀ ਦੇਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਦੋ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਵੱਡੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਹਾਜ਼ਰੀ ਲਵਾਈ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਵਲੋਂ ਸੰਗਤ ਨੂੰ ਖ਼ਾਲਸਾ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਭ ਨੂੰ ਉਦਮ ਕਰਨਾ ਚਾਹੀਦਾ ਹੈ ਤੇ ਨਰੋਏ ਤੇ ਸਿਹਤਮੰਦ ਸਮਾਜ ਸਿਰਜਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਭ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ | ਇਸ ਤਰ੍ਹਾਂ ਹੀ ਗੁਰਦੁਆਰਾ ਜਨਮ ਅਸਥਾਨ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਪਿੰਡ ਸਰਾਏਨਾਗਾ ਵਿਖੇ ਵੀ ਵਿਸਾਖੀ ਪੁਰਬ ਤੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਬੀਜ ਭੰਡਾਰ ਦੀ ਦੁਕਾਨ 'ਤੇ ਲੱਗੀ ਅੱਗ ਅਗਲੀ ਖ਼ਬਰ ਪਤਨੀ ਦੀ ਕੁੱਟਮਾਰ ਕਰਨ ਤੇ ਕੀੜੇਮਾਰ ਦਵਾਈ ਪੀਣ ਲਈ ਮਜਬੂਰ ਕਰਨ 'ਤੇ ਪਤੀ ਸਮੇਤ 4 ਖ਼ਿਲਾਫ਼ ਮਾਮਲਾ ਦਰਜ
Ad Position 24