ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾਣਾ ਮੰਡੀਆਂ ਵਿਚ ਕਣਕ ਖ਼ਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਅਤੇ ਤੁਰੰਤ ਖ਼ਰੀਦ ਸ਼ੁਰੂ ਕਰਵਾਉਣ, ਭਾਰੀ ਬਾਰਿਸ਼ਾਂ, ਗੜ੍ਹੇਮਾਰੀ ਨਾਲ ਫ਼ਸਲਾਂ, ਘਰਾਂ ਤੇ ਮਕਾਨਾਂ ਦੀ ਤਬਾਹੀ ਦਾ ਮੁਆਵਜ਼ਾ ਤੁਰੰਤ ਦੇਣ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ | ਇਸ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਆਦਿ ਨੇ ਸੰਬੋਧਨ ਕੀਤਾ | ਉਨ੍ਹਾਂ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਉਣ, ਕੁਦਰਤੀ ਮਾਰ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਮਲੋਟ ਬਲਾਕ ਦੇ ਬੋਹੜ ਸਿੰਘ ਮਲੋਟ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਸੀਨੀਅਰ ਮੀਤ ਪ੍ਰਧਾਨ ਹਰਫ਼ੂਲ ਸਿੰਘ ਭਾਗਸਰ, ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਅਜੈਬ ਸਿੰਘ ਮੱਲਣ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਗੁਰਤੇਜ ਸਿੰਘ ਖੁੱਡੀਆਂ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਨਿਸ਼ਾਨ ਸਿੰਘ ਕੱਖਾਂਵਾਲੀ, ਪਿੰਡਾਂ ਦੇ ਪ੍ਰਧਾਨ, ਸਕੱਤਰ, ਸਰਗਰਮ ਵਰਕਰ ਆਦਿ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |