'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਨ ਦੀ ਪ੍ਰਕਿਰਿਆ ਪਿੰਡ ਅਬੁੱਲਖੁਰਾਣਾ ਤੋਂ ਸ਼ੁਰੂ
ਅਜੀਤ ਡੈਸਕ
17-04-2026
ਮਲੋਟ, 16 ਅਪ੍ਰੈਲ (ਪਾਟਿਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਦਾ ਆਗਾਜ਼ ਅੱਜ ਮਲੋਟ ਦੇ ਪਿੰਡ ਅਬੁੱਲਖੁਰਾਣਾ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੀਮ ਲੰਬੇ ਸਮੇਂ ਤੋਂ ਉਡੀਕ ਰਹੀ ਇਕ ਵੱਡੀ ਯੋਜਨਾ ਸੀ, ਜੋ ਕਿ ਮਾਨ ਸਰਕਾਰ ਵਲੋਂ ਆਪਣੀ ਗਾਰੰਟੀ ਅਨੁਸਾਰ ਪੂਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨੂੰ ਲੈ ਕੇ ਸੂਬੇ ਭਰ ਵਿਚ ਵੱਡਾ ਉਤਸ਼ਾਹ ਹੈ | ਉਨ੍ਹਾਂ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਨੂੰ ਸਫ਼ਲ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਇਸ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ ਤੇ ਫਾਰਮ ਆਂਗਣਵਾੜੀ ਕੇਂਦਰਾਂ ਵਿਚ ਭਰੇ ਜਾਣਗੇ | ਇਸ ਤੋਂ ਇਲਾਵਾ ਪਿੰਡ ਤੇ ਬੂਥ ਪੱਧਰ 'ਤੇ ਮੋਟੀਵੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਘਰ-ਘਰ ਜਾ ਕੇ ਔਰਤਾਂ ਨੂੰ ਜਾਗਰੂਕ ਕਰਨ ਅਤੇ ਫਾਰਮ ਭਰਨ ਲਈ ਮਦਦ ਕਰਨਗੀਆਂ |
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਔਰਤਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਕੇ ਦੋ ਮਹੀਨੇ ਅੰਦਰ ਹੀ ਯੋਗ ਲਾਭਪਾਤਰੀਆਂ ਦੇ ਖ਼ਾਤਿਆਂ ਵਿਚ ਰਕਮ ਜਮ੍ਹਾਂ ਕਰਵਾ ਦਿੱਤੀ ਜਾਵੇਗੀ | ਇਸ ਮੌਕੇ ਡੀ. ਐੱਸ. ਐੱਸ. ਓ. ਰਾਜਵੰਤ ਕੌਰ, ਸੁਪਰਵਾਈਜ਼ਰ ਗੁਰਮੀਤ ਕੌਰ, ਸਰਪੰਚ ਅਮਨਦੀਪ ਕੌਰ, ਵਿੱਕੀ ਸਿੰਘ, ਗਗਨਦੀਪ ਸਿੰਘ, ਲਵ ਬੱਤਰਾ, ਨਵਦੀਪ ਸਿੰਘ, ਕਰਮਜੀਤ ਸ਼ਰਮਾ, ਪੀ.ਏ. ਅਰਸ਼ ਸਿੱਧੂ, ਸ਼ਿੰਦਰਪਾਲ ਸਿੰਘ ਤੋਂ ਇਲਾਵਾ ਆਂਗਣਵਾੜੀ ਵਰਕਰ ਹਾਜ਼ਰ ਸਨ |