ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਇਹ ਪਹਿਲੀ ਵਾਰ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਦਿ੍ਸ਼ ਸਾਫ਼ ਹੁੰਦਾ ਜਾ ਰਿਹਾ ਹੈ ਅਤੇ ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਵਿਧਾਨ ਸਭਾ ਚੋਣਾਂ ਨਵੰਬਰ ਵਿਚ ਹੀ ਹੋ ਸਕਦੀਆਂ ਹਨ | ਸਾਰੀਆਂ ਸਿਆਸੀ ਪਾਰਟੀਆਂ ਵਲੋਂ ਥੋਕ ਵਿਚ ਕੀਤੇ ਜਾ ਰਹੇ ਇਕੱਠ ਤੇ ਚੋਣ ਕਮਿਸ਼ਨ ਵਲੋਂ ਵਕਤ ਤੋਂ ਪਹਿਲਾਂ ਹੀ ਤੇਜ਼ੀ ਨਾਲ ਕੀਤੀ ਜਾ ਰਹੀ ਵੋਟਾਂ ਦੀ ਸੁਧਾਈ ਇਸ ਵਿਚਾਰ ਨੂੰ ਹੋਰ ਵੀ ਪੱਕਾ ਕਰਦੀ ਹੈ ਤੇ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਗੱਠਜੋੜ ਨੇ ਸਿਆਸੀ ਹਵਾ ਹੀ ਬਦਲ ਕੇ ਰੱਖ ਦਿੱਤੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਇਹ ਗੱਠਜੋੜ ਅਸਲ 'ਚ ਪੰਥ ਦੀ ਪ੍ਰਤੀਨਿਧਤਾ ਕਰਦਾ ਹੈ ਤੇ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਵੇਗਾ ਤੇ ਅਗਲੀ ਸਰਕਾਰ ਗੱਠਜੋੜ ਦੀ ਬਣੇਗੀ | ਉਨ੍ਹਾਂ ਦੱਸਿਆ ਕਿ ਜਲਦ ਹੀ ਗੱਠਜੋੜ ਦਾ ਇਕ ਵਫ਼ਦ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਜਾ ਰਿਹਾ ਹੈ, ਤਾਂ ਜੋ ਪੰਜਾਬ ਦੇ ਪੰਥਕ ਮਸਲੇ ਜਿਵੇਂ ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਰਿਹਾਈ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਵਿਚ ਵਧ ਰਹੇ ਨਸ਼ੇ ਦਾ ਪੱਕਾ ਹੱਲ ਅਤੇ ਚਿਰਾਂ ਤੋਂ ਲਟਕਦੇ ਆ ਰਹੇ ਸਿਆਸੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਜ਼ੋਰ ਪਾਇਆ ਜਾ ਸਕੇ | ਇਸ ਮੌਕੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ |