19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 05-05-2026
ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਹਾ ਕਿ ਮੁਗਲ ਸਾਮਰਾਜ ਦੇ ਜ਼ੁਲਮ ਖ਼ਿਲਾਫ਼ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਇਸ ਧਰਤੀ 'ਤੇ ਆਖ਼ਰੀ ਤੇ ਫ਼ੈਸਲਾਕੁੰਨ ਯੁੱਧ ਕਰਕੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਪੁੱਟੀਆਂ ਗਈਆਂ | ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਹੀ ਇਸ ਧਰਤੀ ਨੂੰ ਮੁਕਤੀ ਦੇ ਸਰ ਦਾ ਵਰਦਾਨ ਬਖ਼ਸ਼ਿਆ ਅਤੇ 40 ਸਿੱਖਾਂ ਨਾਲ ਟੁੱਟੀ ਗੰਢ ਕੇ ਇਤਿਹਾਸ ਵਿਚ ਵਿਲੱਖਣ ਮਿਸਾਲ ਕਾਇਮ ਕੀਤੀ | ਉਨ੍ਹਾਂ ਕਿਹਾ ਕਿ ਜੋ ਗੁਰੂ ਤੋਂ ਲਾਂਭੇ ਹੋ ਕੇ ਚੱਲਦਾ ਹੈ, ਉਹ ਸਿੱਖ ਅੱਜ ਵੀ ਨਹੀਂ ਤੇ ਕੱਲ੍ਹ ਵੀ ਨਹੀਂ | ਉਨ੍ਹਾਂ ਮਹਾਨ ਮਾਤਾ ਭਾਗ ਕੌਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਮਗਰੋਂ ਇਸ ਧਰਤੀ 'ਤੇ ਜ਼ੁਲਮ ਖ਼ਿਲਾਫ਼ ਲੜਦਿਆਂ ਮਹਾਨ ਸ਼ਹੀਦਾਂ ਨੇ ਆਪਾ ਵਾਰ ਕੇ ਸਤਿਗੁਰ ਤੋਂ ਮੁਕਤਿਆਂ ਦਾ ਵਰ ਪ੍ਰਾਪਤ ਕੀਤਾ | ਦਸਮੇਸ਼ ਪਿਤਾ ਨੇ ਜੰਗ ਦੇ ਮੈਦਾਨ ਵਿਚ ਸਹਿਕ ਰਹੇ ਭਾਈ ਮਹਾਂ ਸਿੰਘ ਨੂੰ ਆਪਣੀ ਗੋਦ ਵਿਚ ਲੈ ਕੇ ਅਖ਼ੀਰਲੀ ਇੱਛਾ ਪੁੱਛੀ ਅਤੇ ਕਮਰਕਸੇ ਵਿਚ ਸੰਭਾਲ ਕੇ ਰੱਖਿਆ ਹੋਇਆ ਬੇਦਾਵੇ ਦਾ ਕਾਗਜ਼ ਪਾੜ੍ਹ ਕੇ ਸਿੱਖਾਂ ਦੀ ਟੁੱਟੀ ਗੰਢ ਲਈ | ਦਸਮ ਪਾਤਸ਼ਾਹ ਨੇ ਸਿੰਘਾਂ ਨੂੰ ਖ਼ਿਤਾਬ ਬਖ਼ਸ਼ਿਸ਼ ਕੀਤੇ ਅਤੇ ਇਸ ਧਰਤੀ ਨੂੰ ਭਾਗ ਲਾ ਕੇ ਮੁਕਤੀ ਦਾ ਸਥਾਨ ਬਣਾਇਆ | ਉਨ੍ਹਾਂ ਕਿਹਾ ਕਿ ਸਤਿਗੁਰੂ ਸਭ ਦੀਆਂ ਝੋਲੀਆਂ ਭਰਦੇ ਹਨ | ਇਸ ਮੌਕੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ 40 ਮੁਕਤਿਆਂ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਕੋਲਿਆਂਵਾਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸਵੇਰ ਤੋਂ ਸ਼ਾਮ ਤੱਕ ਕੀਰਤਨ ਪ੍ਰਵਾਹ ਚੱਲਦਾ ਰਿਹਾ | ਕਥਾਵਾਚਕ ਗਿਆਨੀ ਦਿਲਬਾਗ ਸਿੰਘ ਬਲੇਰ ਵਲੋਂ ਸੰਗਤ ਨੂੰ ਕਥਾ ਸਰਵਣ ਕਰਵਾਈ ਗਈ | ਵੱਡੀ ਗਿਣਤੀ ਵਿਚ ਸੰਗਤ ਵਲੋਂ ਕੀਰਤਨ ਸਰਵਣ ਕੀਤਾ ਗਿਆ | ਇਸ ਤੋਂ ਇਲਾਵਾ ਸੰਗਤਾਂ ਵਲੋਂ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰਕੇ ਖਿਦਰਾਣੇ ਦੀ ਢਾਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਵੱਖ-ਵੱਖ ਸਭਾ ਸੁਸਾਇਟੀਆਂ ਤੇ ਸੰਸਥਾਵਾਂ ਵੱਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ | ਗੁਰਦੁਆਰਾ ਗੁਰੂ ਕਾ ਖੂਹ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਦੀ ਦੇਖ-ਰੇਖ ਵਿਚ ਸਿੰਘਾਂ ਵਲੋਂ ਸ਼ਰਦਾਈ ਦੀ ਛਬੀਲ ਲਾਈ ਗਈ | 40 ਮੁਕਤੇ ਵੈੱਲਫ਼ੇਅਰ ਸੁਸਾਇਟੀ ਵਲੋਂ ਲਗਾਤਾਰ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ | ਗੁਰਦੁਆਰਾ ਤੰਬੂ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ 53 ਪ੍ਰਾਣੀਆਂ ਨੂੰ ਅੰਮਿ੍ਤ ਸੰਚਾਰ ਕਰਵਾਇਆ ਗਿਆ | ਅੱਜ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਬਚਨ ਸਿੰਘ, ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਰਕੰਦੀ, ਧਾਰਮਿਕ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਜੋਗਿੰਦਰ ਕੌਰ ਬਠਿੰਡਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਰੂਪ ਸਿੰਘ ਨੰਦਗੜ੍ਹ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਜਰਨੈਲ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਸਾਬਕਾ ਮੈਨੇਜਰ ਕਰਨ ਸਿੰਘ, ਸਾਬਕਾ ਮੈਨੇਜਰ ਲਖਬੀਰ ਸਿੰਘ, ਬਾਬਾ ਸੋਹਣ ਸਿੰਘ ਜੰਡ ਸਾਹਿਬ, ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ ਮੋਹਲਾਂ, ਮੀਤ ਮੈਨੇਜਰ ਕੁਲਵੰਤ ਸਿੰਘ ਝਬੇਲਵਾਲੀ, ਗੁਰਮੀਤ ਸਿੰਘ ਸੰਧੂ ਖ਼ਜ਼ਾਨਚੀ, ਚਾਨਣ ਸਿੰਘ ਮੰਮੂ ਖੇੜਾ, ਪਰਮਜੀਤ ਸਿੰਘ, ਗੁਰਜੀਤ ਸਿੰਘ, ਲਵਜੀਤ ਸਿੰਘ, ਜਸਵਿੰਦਰ ਸਿੰਘ ਗੂੜ੍ਹੀ ਸੰਘਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸਾਬਕਾ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਬਰਾੜ, ਸੁਖਦਰਸ਼ਨ ਸਿੰਘ ਬੇਦੀ ਡਿਪਟੀ ਡੀ.ਈ.ਓ., ਅਮਨਦੀਪ ਸਿੰਘ ਮੱਕੜ, ਮਾਸਟਰ ਜਸਪਾਲ ਸਿੰਘ, ਮਾਸਟਰ ਪਰਮਜੀਤ ਸਿੰਘ, ਨਿਸ਼ਾਨ ਸਿੰਘ ਰੱਤਾ ਖੇੜਾ, ਗ੍ਰੰਥੀ ਗੁਰਮੇਲ ਸਿੰਘ, ਭਾਈ ਰਘੂਰਾਜ ਸਿੰਘ, ਗੁਰਪਾਲ ਸਿੰਘ ਪਾਲੀ, ਗਗਨਦੀਪ ਸਿੰਘ ਆਦਿ ਹਾਜ਼ਰ ਸਨ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿਚ ਸਹਿਯੋਗ ਲਈ ਸਮੂਹ ਸੰਗਤ, ਸਭਾ ਸੁਸਾਇਟੀਆਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਸ.ਕਿਊ.ਐੱਫ਼. ਵੋਕੇਸ਼ਨਲ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਗੋਲਡ ਮੈਡਲਿਸਟ ਕਬੱਡੀ ਖਿਡਾਰਨ ਸਿਮਰਨ ਕੰਬੋਜ ਦਾ ਸਨਮਾਨ
Ad Position 24