ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਭਿਮਨਿਊ ਰਾਣਾ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਰਣਨੀਤੀ ਅਪਣਾਈ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਉਪਰਾਲਿਆਂ ਦੇ ਨਤੀਜੇ ਵਜੋਂ ਪਿਛਲੇ ਸਮੇਂ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸੀਲਬੰਦ ਪਾਰਸਲਾਂ ਵਿਚ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਸਮੇਂ-ਸਮੇਂ 'ਤੇ ਸੀਨੀਅਰ ਅਧਿਕਾਰੀਆਂ ਵਲੋਂ ਇਸ ਦੀ ਜਾਂਚ ਕੀਤੀ ਜਾਂਦੀ ਹੈ | ਅਦਾਲਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮਾਲ ਨਸ਼ਟ ਕਰਨਾ ਲਾਜ਼ਮੀ ਹੁੰਦਾ ਹੈ | ਇਸੇ ਲੜੀ ਵਿਚ ਐੱਨ.ਡੀ.ਪੀ.ਐੱਸ. ਐਕਟ ਨਾਲ ਸੰਬੰਧਿਤ 36 ਮੁਕੱਦਮਿਆਂ ਦਾ ਮਾਲ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਪਿੰਡ ਚੰਨੂ ਦੇ ਬੋਇਲਰ ਵਿਚ ਪਾਰਦਰਸ਼ੀ ਢੰਗ ਨਾਲ ਨਸ਼ਟ ਕੀਤਾ ਗਿਆ | ਇਸ ਸਮੂਹ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ | ਇਸ ਕਾਰਵਾਈ ਲਈ ਬਣਾਈ ਗਈ ਕਮੇਟੀ ਦੀ ਅਗਵਾਈ ਅਭਿਮਨਿਊ ਰਾਣਾ ਐੱਸ.ਐੱਸ.ਪੀ. ਵਲੋਂ ਕੀਤੀ ਗਈ, ਜਿਸ ਵਿਚ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਅਤੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਸ਼ਾਮਿਲ ਸਨ | ਉਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਯਮਾਂ ਅਨੁਸਾਰ ਅੰਜ਼ਾਮ ਦਿੱਤਾ ਗਿਆ | ਇਸ ਮੌਕੇ ਐੱਸ.ਐੱਸ.ਪੀ. ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਕੁੱਲ 36 ਐੱਨ.ਡੀ.ਪੀ.ਐੱਸ. ਕੇਸਾਂ ਦੇ ਮਾਲ ਵਿਚੋਂ 265.200 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ, 2.802 ਕਿੱਲੋਗ੍ਰਾਮ ਹੈਰੋਇਨ, 480 ਗ੍ਰਾਮ ਨਸ਼ੀਲਾ ਪਾਊਡਰ, 47 ਨਸ਼ੀਲੇ ਟੀਕੇ, 4 ਗ੍ਰਾਮ ਸਮੈਕ ਅਤੇ 16, 066 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਹੈ |