ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਬਲਬੀਰ ਸਕੂਲ ਆਫ਼ ਐਮੀਨੈਂਸ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੇ ਕੀਤੀ | ਕੈਂਪ ਦੌਰਾਨ ਡਾ. ਵਿਸ਼ਵਦੀਪ ਗੋਇਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ੇ ਨੌਜਵਾਨ ਪੀੜ੍ਹੀ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਲਈ ਗੰਭੀਰ ਖ਼ਤਰਾ ਹਨ | ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਪੜ੍ਹਾਈ, ਕਰੀਅਰ, ਪਰਿਵਾਰਕ ਸੰਬੰਧ ਅਤੇ ਸਮਾਜਿਕ ਜੀਵਨ ਪ੍ਰਭਾਵਿਤ ਹੁੰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੇ ਦੋਸਤਾਂ ਤੇ ਸਮਾਜ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ | ਕੈਂਪ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਨਸ਼ਿਆਂ ਦੇ ਪ੍ਰਕਾਰ, ਨਸ਼ੇ ਦੀ ਆਦਤ ਦੇ ਲੱਛਣ, ਇਸ ਤੋਂ ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਦੱਸਿਆ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਅਤੇ ਗੁਪਤ ਇਲਾਜ ਦੀ ਸੁਵਿਧਾ ਉਪਲਬਧ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਵਿਦਿਆਰਥੀਆਂ ਵਿਚ ਸਕਾਰਾਤਮਕ ਸੋਚ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਕੈਂਪ ਵਿਚ ਸਕੂਲ ਦੇ ਪਿ੍ੰਸੀਪਲ ਗੋਪਾਲ ਕਿ੍ਸ਼ਨ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਪੂਰਣ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸਕੂਲ ਦੇ ਅਧਿਆਪਕ, ਵਿਦਿਆਰਥੀ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |