ਮਲੋਟ, 14 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕਾ ਡਾ. ਬਲਜੀਤ ਕੌਰ ਨੇ ਮੌਕੇ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਐੱਸ.ਡੀ.ਐੱਮ. ਤੇ ਤਹਿਸੀਲਦਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਿਆ ਅਤੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ | ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਰਿਲੀਫ਼ ਫ਼ੰਡ ਵਿਚੋਂ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਸਰਕਾਰ ਵਲੋਂ ਵੱਧ ਤੋਂ ਵੱਧ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਸ ਮੁਸ਼ਕਿਲ ਘੜੀ ਵਿਚ ਪਰਿਵਾਰਾਂ ਨੂੰ ਸਹਾਰਾ ਮਿਲ ਸਕੇ | ਹਾਦਸੇ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦੀ ਅਣਗਹਿਲੀ ਕਾਰਨ ਇਹ ਭਿਆਨਕ ਘਟਨਾ ਵਾਪਰੀ ਹੈ | ਉਨ੍ਹਾਂ ਪੁਲਿਸ ਵਿਭਾਗ ਅਤੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਸ਼ੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਮਿਲੇਗਾ | ਕੈਬਨਿਟ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਮਜ਼ਦੂਰ ਵਿਚਾਰੇ ਰੋਜ਼ੀ-ਰੋਟੀ ਲਈ ਸਵੇਰੇ ਇਕੱਠੇ ਹੋਏ ਸਨ, ਪਰ ਅਚਾਨਕ ਵਾਪਰੇ ਇਸ ਕਹਿਰ ਨੇ ਪਰਿਵਾਰਾਂ ਨੂੰ ਗਹਿਰਾ ਸਦਮਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਹਰ ਪੱਖੋਂ ਆਪਣੇ ਮਜ਼ਦੂਰ ਭਰਾਵਾਂ ਦੇ ਨਾਲ ਖੜ੍ਹੇ ਹਨ ਅਤੇ ਜਿੱਥੇ ਵੀ ਕਿਸੇ ਮਦਦ ਦੀ ਲੋੜ ਹੋਵੇਗੀ, ਉਹ ਨਿੱਜੀ ਤੌਰ 'ਤੇ ਵੀ ਸਹਾਇਤਾ ਕਰਨਗੇ |