19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐੱਸ.ਐੱਸ.ਪੀ. ਵਲੋਂ ਨੋਮੀਨੇਸ਼ਨ ਸੈਂਟਰਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 16-05-2026
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਅਭਿਮਨਿਊ ਰਾਣਾ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਬਣਾਏ ਗਏ ਨੋਮੀਨੇਸ਼ਨ ਸੈਂਟਰਾਂ ਦਾ ਦੌਰਾ ਕਰਕੇ ਉੱਥੇ ਸੁਰੱਖਿਆ ਪ੍ਰਬੰਧਾਂ, ਪੁਲਿਸ ਡਿਊਟੀਆਂ ਤੇ ਹੋਰ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ), ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ, ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ, ਐੱਸ.ਡੀ.ਐੱਮ. ਗਿੱਦੜਬਾਹਾ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ | ਚੈਕਿੰਗ ਦੌਰਾਨ ਐੱਸ.ਐੱਸ.ਪੀ. ਵਲੋਂ ਨੋਮੀਨੇਸ਼ਨ ਸੈਂਟਰਾਂ ਦੇ ਐਂਟਰੀ ਤੇ ਐਗਜਿਟ ਪੁਆਇੰਟ, ਸੀ.ਸੀ.ਟੀ.ਵੀ. ਪ੍ਰਬੰਧ, ਪਾਰਕਿੰਗ ਵਿਵਸਥਾ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦੀ ਡਿਊਟੀ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਆਪਣੀ ਡਿਊਟੀ ਪੂਰੀ ਸਾਵਧਾਨੀ ਨਾਲ ਨਿਭਾਈ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਅਣਚਾਹੀ ਘਟਨਾ ਨਾ ਵਾਪਰੇ | ਉਨ੍ਹਾਂ ਦੱਸਿਆ ਕਿ 26 ਮਈ ਨੂੰ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿਚ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ ਹੈ | ਸੰਵੇਦਨਸ਼ੀਲ ਇਲਾਕਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਲਗਾਤਾਰ ਨਾਕਾਬੰਦੀ, ਗਸ਼ਤ ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ, ਗ਼ੈਰਕਾਨੂੰਨੀ ਗਤੀਵਿਧੀਆਂ ਤੇ ਚੋਣ ਅਮਨ-ਅਮਾਨ ਨੂੰ ਪ੍ਰਭਾਵਿਤ ਕਰਨ ਵਾਲੇ ਤੱਤਾਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ | ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਜੇਕਰ ਕਿਸੇ ਵਿਅਕਤੀ ਨੂੰ ਚੋਣਾਂ ਦੌਰਾਨ ਕੋਈ ਵੀ ਸ਼ੱਕੀ ਗਤੀਵਿਧੀ, ਗ਼ੈਰਕਾਨੂੰਨੀ ਇਕੱਠ, ਨਸ਼ਾ ਜਾਂ ਹੋਰ ਕੋਈ ਗ਼ਲਤ ਗਤੀਵਿਧੀ ਸੰਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਹੈਲਪਲਾਈਨ ਨੰਬਰ 'ਤੇ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ ਅਗਲੀ ਖ਼ਬਰ ਸੜਕ ਹਾਦਸੇ 'ਚ 2 ਟਰੈਕਟਰ ਸਵਾਰ ਜ਼ਖ਼ਮੀ
Ad Position 24