ਸ੍ਰੀ ਮੁਕਤਸਰ ਸਾਹਿਬ, 20 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸ ਸੰਬੰਧੀ ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਬ ਡਵੀਜ਼ਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ | ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰਾਂ ਦੇ ਮੁੱਖ ਰਸਤਿਆਂ, ਸੰਵੇਦਨਸ਼ੀਲ ਇਲਾਕਿਆਂ ਤੇ ਆਉਣ-ਜਾਣ ਵਾਲੇ ਸਾਰੇ ਰੂਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਵਲੋਂ ਲਗਾਤਾਰ ਕਾਸੋ ਆਪ੍ਰੇਸ਼ਨ, ਸਰਚ ਅਭਿਆਨ ਤੇ ਫਲੈਗ ਮਾਰਚ ਕਰਕੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ | ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਸਮੇਤ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ | ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਹਰਕਮਲ ਕੌਰ ਐੱਸ.ਪੀ. (ਐੱਚ) ਦੀ ਅਗਵਾਈ ਹੇਠ ਡੀ.ਐੱਸ.ਪੀ. ਬਚਨ ਸਿੰਘ ਤੇ ਪੁਲਿਸ ਪਾਰਟੀ ਵਲੋਂ ਫਲੈਗ ਮਾਰਚ ਕੱਢਿਆ ਗਿਆ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿਚ ਵਿਸ਼ਵਾਸ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣਾ ਅਤੇ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ |