ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪੱਤਰਕਾਰ ਜਸਪ੍ਰੀਤ ਸਿੰਘ ਜੱਸੂ ਵਲੋਂ ਇਲਾਕੇ ਵਿਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਗਈ | ਇਸ ਦੌਰਾਨ ਉਨ੍ਹਾਂ ਨੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਤੇ ਗਲੀਆਂ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਪ੍ਰਚਾਰ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਜਸਪ੍ਰੀਤ ਸਿੰਘ ਜੱਸੂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦਾ ਭਰੋਸਾ ਦਿੱਤਾ | ਲੋਕਾਂ ਨੇ ਕਿਹਾ ਕਿ ਵਾਰਡ ਦੇ ਵਿਕਾਸ, ਸੀਵਰੇਜ, ਸਫ਼ਾਈ, ਗਲੀਆਂ ਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਇਮਾਨਦਾਰ ਤੇ ਸਰਗਰਮ ਨੁਮਾਇੰਦੇ ਦੀ ਲੋੜ ਹੈ | ਇਸ ਮੌਕੇ ਜਸਪ੍ਰੀਤ ਸਿੰਘ ਜੱਸੂ ਨੇ ਕਿਹਾ ਕਿ ਉਹ ਵਾਰਡ ਨੰਬਰ 10 ਦੇ ਹਰ ਘਰ ਤੇ ਹਰ ਪਰਿਵਾਰ ਦੀਆਂ ਉਮੀਦਾਂ 'ਤੇ ਖ਼ਰ੍ਹਾ ਉਤਰਨ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਵਾਰਡ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਮਿਲ ਰਿਹਾ ਪਿਆਰ, ਸਤਿਕਾਰ ਤੇ ਸਮਰਥਨ ਉਨ੍ਹਾਂ ਨੂੰ ਹੋਰ ਉਤਸਾਹਿਤ ਕਰ ਰਿਹਾ ਹੈ | ਉਨ੍ਹਾਂ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਤੇ ਸਮਰਥਕ ਵੀ ਮੌਜੂਦ ਸਨ, ਜਿਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ |