ਗਿੱਦੜਬਾਹਾ, 22 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਬਹੁਤ ਹੀ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ | ਸ. ਬਾਦਲ ਗਿੱਦੜਬਾਹਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਕਰਨ ਲਈ ਗਿੱਦੜਬਾਹਾ ਵਿਖੇ ਆਏ ਸਨ | ਇਸ ਮੌਕੇ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਰਹੇ ਮਰਹੂਮ ਰਘੁਬੀਰ ਸਿੰਘ ਪ੍ਰਧਾਨ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨੂੰ ਮਿਲੇ | ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਨਗਰ ਕੌਂਸਲ ਦੀਆਂ ਚੋਣਾਂ ਵਿਚ ਪੰਜਾਬ ਵਾਸੀ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾਂ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਅਤੇ ਨਗਰ ਕੌਂਸਲ ਤੇ ਕਾਰਪੋਰੇਸ਼ਨ ਵੀ ਅਕਾਲੀ ਦਲ ਦੀ ਹੀ ਬਣੇਗੀ ਅਤੇ ਸ਼ਹਿਰਾਂ ਦਾ ਵੱਧ ਤੋਂ ਵੱਧ ਵਿਕਾਸ ਹੋਵੇਗਾ | ਸ. ਬਾਦਲ ਨੇ ਕਿਹਾ ਕਿ ਸਭ ਤੋਂ ਵੱਧ ਧੱਕਾ ਆਮ ਆਦਮੀ ਪਾਰਟੀ ਨੇ ਸਰਕਾਰੀ ਕਰਮਚਾਰੀਆਂ ਨਾਲ ਕੀਤਾ ਹੈ | ਸਾਰਿਆਂ ਨੈਸ਼ਨਲ ਪਾਰਟੀਆਂ ਨੇ ਮੁਲਾਜ਼ਮਾਂ ਨੂੰ ਕੁਝ ਨਹੀਂ ਦਿੱਤਾ | ਜਿੰਨੇ ਵੀ ਤਨਖ਼ਾਹ ਕਮਿਸ਼ਨ ਲਾਗੂ ਹੋਏ, ਸਾਰੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਕੀਤੇ ਗਏ | ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮ ਵਰਗ ਨੂੰ ਅਪੀਲ ਕਰਦੇ ਹਨ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਪੰਜਾਬ ਵਿਚ ਲਿਆਉਣ, ਜਿਸ ਤੋਂ ਬਾਅਦ ਮੁਲਾਜ਼ਮਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਝਾੜੂ ਤੇ ਕਾਂਗਰਸ ਕੋਲ ਸਿਰਫ਼ ਲਾਰਿਆਂ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਹੈ | ਪਾਰਟੀ ਦਫ਼ਤਰ ਵਿਖੇ ਨਗਰ ਕੌਂਸਲ ਦੇ ਉਮੀਦਵਾਰਾਂ ਨੂੰ ਮਿਲਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵਾਂਗੇ ਅਤੇ ਜੇਕਰ ਕਿਸੇ ਉਮੀਦਵਾਰ ਨਾਲ ਜ਼ਿਆਦਤੀ ਹੁੰਦੀ ਹੈ ਤਾਂ ਉਨ੍ਹਾਂ ਦੇ ਨਾਲ ਖੜ੍ਹਾਂਗੇ | ਸ. ਬਾਦਲ ਨੇ ਕਿਹਾ ਕਿ ਝਾੜੂ ਵਾਲੇ ਤਾਂ ਹੁਣ ਕੁਝ ਦਿਨਾਂ ਦੇ ਮਹਿਮਾਨ ਹਨ ਅਤੇ ਆਪਣਾ ਬਿਸਤਰਾ ਬੰਨ੍ਹ ਕੇ ਦਿੱਲੀ ਚਲੇ ਜਾਣਗੇ | ਆਉਣ ਵਾਲੀ ਸਰਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਅਤੇ ਮੁੜ ਤੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਨਾ ਕਾਂਗਰਸ ਤੇ ਨਾ ਹੀ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੁਝ ਸੰਵਾਰਨਾ ਹੈ, ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੀ ਪੰਜਾਬ ਨੇ ਤਰੱਕੀ ਕੀਤੀ ਹੈ | ਇਸ ਮੌਕੇ ਗੁਰਵਿੰਦਰ ਸਿੰਘ ਹਲਕਾ ਇੰਚਾਰਜ, ਵਕੀਲ ਗੁਰਮੀਤ ਸਿੰਘ ਮਾਨ, ਬੀਬੀ ਗੁਰਦਿਆਲ ਕੌਰ ਮੱਲਣ ਡਾ.ਬਲਦੇਵ ਸਿੰਘ, ਚਰਨਜੀਤ ਸਿੰਘ ਭੂੰਦੜ, ਜਥੇਦਾਰ ਨਵਤੇਜ ਸਿੰਘ ਕਾਉਣੀ ਦੀਪਕ ਗਰਗ ਆਦਿ ਹਾਜ਼ਰ ਸਨ |