ਮਲੋਟ, 22 ਮਈ (ਪਾਟਿਲ)-ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਖੂੰਖਾਰ ਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਦਾ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਖੂੰਖਾਰ ਕੁੱਤਿਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਲੋਕ ਇਨ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਵੀ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਹੋਰ ਪ੍ਰਬੰਧਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਸਵਾਲ ਉਠਾਇਆ ਕਿ ਪੂਰੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੱਡਾ ਰੋੜੀ ਦਾ ਕੋਈ ਢੰਗ ਦਾ ਪ੍ਰਬੰਧ ਨਹੀਂ ਹੈ | ਅਜਿਹੇ ਵਿਚ ਜੇਕਰ ਖੂੰਖਾਰ ਕੁੱਤਿਆਂ ਨੂੰ ਖ਼ਤਮ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਨਿਪਟਾਰੇ ਲਈ ਕਿਹੜੀ ਜਗ੍ਹਾ ਨਿਰਧਾਰਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਹਿਲਾਂ ਹੀ ਪੱਕੇ ਤੇ ਵਿਗਿਆਨਕ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਗੰਦਗੀ ਜਾਂ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਪੈਦਾ ਨਾ ਹੋਵੇ | ਡਾ. ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਸਫ਼ਾਈ ਤੇ ਸਿਹਤ ਸੰਬੰਧੀ ਪ੍ਰਬੰਧਾਂ ਨੂੰ ਵੀ ਤਰਜ਼ੀਹ ਦਿੱਤੀ ਜਾਵੇ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੱਡਾ ਰੋੜੀ ਲਈ ਢੁਕਵੀਂ ਜਗ੍ਹਾ ਦਾ ਜਲਦ ਪ੍ਰਬੰਧ ਕੀਤਾ ਜਾਵੇ |