ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਵਲੋਂ ਲਗਾਤਾਰ ਚੈਕਿੰਗ ਮੁਹਿੰਮ, ਫਲੈਗ ਮਾਰਚ, ਕਾਸੋ ਆਪ੍ਰੇਸ਼ਨ ਤੇ ਵਿਸ਼ੇਸ਼ ਸਰਚ ਅਭਿਆਨ ਚਲਾਏ ਜਾ ਰਹੇ ਹਨ, ਤਾਂ ਜੋ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਕਾਇਮ ਰਹੇ ਅਤੇ ਲੋਕਾਂ ਵਿਚ ਸੁਰੱਖਿਆ ਅਤੇ ਭਰੋਸੇ ਦਾ ਮਾਹੌਲ ਬਣਿਆ ਰਹੇ | ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰ ਸੰਵੇਦਨਸ਼ੀਲ ਖੇਤਰ ਵਿਚ ਪੁਲਿਸ ਦੀ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਕੁੱਲ 29 ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਾਹਨ ਤੇ ਸ਼ੱਕੀ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਲਗਾਤਾਰ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਜ਼ਿਲ੍ਹਾ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਸਮੇਤ ਚਾਰੇ ਸਬ ਡਵੀਜ਼ਨਾਂ ਵਿਚ 29 ਨਾਕੇ ਲਗਾ ਕੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਏ ਗਏ | ਇਸ ਸਪੈਸ਼ਲ ਆਪ੍ਰੇਸ਼ਨ ਦੀ ਨਿਗਰਾਨੀ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਅਤੇ ਸੰਬੰਧਿਤ ਸਬ ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ), ਜਸਪਾਲ ਸਿੰਘ ਡੀ.ਐੱਸ.ਪੀ. (ਮਲੋਟ) ਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਕੀਤੀ ਗਈ, ਤਾਂ ਜੋ ਹਰ ਪੱਧਰ 'ਤੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਏ ਜਾ ਸਕਣ | ਪੁਲਿਸ ਟੀਮਾਂ ਵਲੋਂ ਆਧੁਨਿਕ ਤਕਨੀਕ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਵੈਰੀਫ਼ਿਕੇਸ਼ਨ ਕੀਤੀ ਜਾ ਰਹੀ ਹੈ, ਜਦਕਿ ਵਾਹਣ ਐਪ ਰਾਹੀਂ ਵਾਹਨਾਂ ਦੀ ਜਾਂਚ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਚੋਰੀਸ਼ੁਦਾ ਜਾਂ ਸ਼ੱਕੀ ਵਾਹਨ ਜ਼ਿਲ੍ਹੇ ਅੰਦਰ ਦਾਖ਼ਲ ਨਾ ਹੋ ਸਕੇ | ਨਾਕਿਆਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਹਰ ਵਾਹਨ ਦੇ ਦਸਤਾਵੇਜ਼ਾਂ ਤੇ ਡਰਾਈਵਰਾਂ ਦੀ ਪਛਾਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਕਰਨ |