17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 31 ਵਾਰਡਾਂ 'ਚ ਹੋ ਰਹੇ ਹਨ ਦਿਲਚਸਪ ਮੁਕਾਬਲੇ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 31 ਵਾਰਡਾਂ ਲਈ ਹੋ ਰਹੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਲੋਂ ਆਪਣੇ ਆਪਣੇ ਉਮੀਦਵਾਰ ਜਿਤਾਉਣ ਲਈ ਲਗਾਤਾਰ ਮਿਹਨਤ ਕੀਤੀ ਗਈ। ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦੀ ਕੋਈ ਵੀ ਬਾਹਰੀ ਵੱਡਾ ਆਗੂ ਨਹੀਂ ਬੁਲਾਇਆ ਗਿਆ। ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟਾਂ ਮੰਗੀਆਂ ਗਈਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੰਮਾਂ ਦੀ ਰਾਜਨੀਤੀ ਕਰਦੀ ਹੈ ਅਤੇ ਸਾਡਾ ਮਕਸਦ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਮਾ ਸਮਾਂ ਅਕਾਲੀ ਦਲ ਦਾ ਰਾਜ ਰਿਹਾ ਅਤੇ ਫਿਰ ਕਾਂਗਰਸ ਦਾ ਰਾਜ ਰਿਹਾ, ਪਰ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੇ ਰਹੇ। ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਅਤੇ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਸੀ। ਜਿਸ ਦੇ ਹੱਲ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਖੁਦ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਜਿਹੜੇ ਮੁਹੱਲਿਆਂ ਵਿਚ ਸੀਵਰੇਜ ਨਹੀਂ ਸੀ ਉਹ ਪੈ ਰਿਹਾ ਹੈ। ਜਿੱਥੇ ਵੀ ਪਾਣੀ ਖੜ੍ਹਨ ਦੀ ਸਮੱਸਿਆ ਸੀ ਉਸ ਦਾ ਹੱਲ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 90 ਪ੍ਰਤੀਸ਼ਤ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਸੀਵਰੇਜ ਦੀਆਂ ਪਾਈਪਾਂ ਪਾਉਣ ਮਗਰੋਂ ਗਲੀਆਂ ਬਣਾਈਆਂ ਜਾਣਗੀਆਂ ਅਤੇ ਸ਼ਹਿਰ ਦੀਆਂ ਦੋ ਅੰਦਰੂਨੀ ਸੜਕਾਂ ਨੂੰ ਦੁਬਾਰਾ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਰਕਾਰ ਵਲੋਂ ਗਰੰਟੀਆਂ ਪੂਰੀਆਂ ਕਰਨ ਅਤੇ ਵਿਕਾਸ ਕੰਮ ਕੀਤੇ ਜਾਣ ਕਰਕੇ ਮਿਲ ਰਹੇ ਹੁੰਗਾਰੇ ਕਰਕੇ ਵਿਰੋਧੀ ਪਾਰਟੀ ਅਕਾਲੀ ਦਲ ਅਤੇ ਕਾਂਗਰਸ ਨੂੰ ਆਪਣੇ ਸੂਬਾ ਪ੍ਰਧਾਨਾਂ ਨੂੰ ਚੋਣ ਪ੍ਰਚਾਰ ਲਈ ਬੁਲਾਉਣਾ ਪਿਆ। ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਕੌਮੀ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਅਤੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਵਲੋਂ ਲਗਾਤਾਰ ਮਿਹਨਤ ਕਰਕੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਚਾਰ ਚੋਣ ਜਲਸਿਆਂ ਨੂੰ ਸੰਬੋਧਨ ਕਰਕੇ ਸਾਰੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਰੋਜੀ ਬਰਕੰਦੀ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਵਿਕਾਸ ਹੋਇਆ, ਜਦ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਕਾਲੀ ਦਲ ਜ਼ਿੰਨਾਂ ਕੰਮ ਨਹੀਂ ਕਰ ਸਕੀ। ਉਹ ਚੋਣ ਜਲਸਿਆਂ ਵਿਚ ਇਹ ਕਹਿੰਦੇ ਨਜ਼ਰ ਆਏ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨ ਜਾ ਰਹੇ ਹਨ ਅਤੇ ਅਕਾਲੀ ਸਰਕਾਰ ਆਵੇਗੀ। ਇਸ ਲਈ ਨਗਰ ਕੌਂਸਲ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣਾਈ ਜਾਵੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਸਰਕਾਰ ਦੱਸਿਆ। ਰੋਜ਼ੀ ਬਰਕੰਦੀ ਨੇ ਕਿਹਾ ਕਿ ਅਕਾਲੀ ਦਲ ਦੇ ਨਗਰ ਕੌਂਸਲ ਪ੍ਰਧਾਨ ਮਿੱਤ ਸਿੰਘ ਬਰਾੜ ਅਤੇ ਉਸ ਤੋਂ ਬਾਅਦ ਪੰਜ ਸਾਲ ਹਰਪਾਲ ਸਿੰਘ ਬੇਦੀ ਪ੍ਰਧਾਨ ਰਹੇ। ਦੋਵੇਂ ਟਰਮਾਂ ਵਿਚ ਸ਼ਹਿਰ ਦਾ ਬਹੁਤ ਵਿਕਾਸ ਹੋਇਆ। ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਸੰਗਤ ਦਰਸ਼ਨ ਕਰਕੇ ਸ਼ਹਿਰ ਦੇ ਵਿਕਾਸ ਲਈ ਵੱਡੇ ਫੰਡ ਦਿੱਤੇ, ਜਿਸ ਕਰਕੇ ਵਿਕਾਸ ਹੋਇਆ।
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵਲੋਂ ਵੀ ਸ਼ਹਿਰ ਵਿਚ ਆਪਣੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਗਿਆ। ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਭਾਈ ਰਾਹੁਲ ਸਿੰਘ ਸਿੱਧੂ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਭਾਰਤ ਭੂਸ਼ਣ ਬਿੰਟਾ, ਪੁਸ਼ਪਿੰਦਰ ਸਿੰਘ ਭੰਡਾਰੀ, ਸੰਦੀਪ ਗਿਰਧਰ, ਕੁਲਦੀਪ ਸਿੰਘ ਭੰਗੇਵਾਲਾ, ਅਸ਼ਵਨੀ ਗਿਰਧਰ, ਰਾਜੀਵ ਦਾਬੜਾ, ਅਨੁਰਾਗ ਸ਼ਰਮਾ ਸਮੇਤ ਸਾਰੇ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਮੁਹਿੰਮ ਚਲਾਈ ਗਈ ਅਤੇ ਚੋਣ ਪ੍ਰਚਾਰ ਕਰਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਅਤੇ ਭਾਜਪਾ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ। ਭਾਜਪਾ ਆਗੂਆਂ ਦਾ ਕਹਿਣਾ ਸੀ ਕਿ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਨ ਨਾਲ ਹੀ ਸੂਬੇ ਦੀ ਤਰੱਕੀ ਹੋਵੇਗੀ ਅਤੇ ਡਬਲ ਇੰਜਨ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਨਗਰ ਕੌਂਸਲ ਚੋਣਾਂ ਵਿਚ ਜਿਤਾ ਕੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇ। ਜਦ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਵੜਿੰਗ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ ਸਮੇਤ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਅਤੇ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਿਮਰਜੀਤ ਸਿੰਘ ਬੈਂਸ ਵੀ ਇਕ ਦਿਨ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਆਏ। ਕਾਂਗਰਸੀ ਆਗੂਆਂ ਨੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਜਾ ਰਹੀ ਹੈ ਅਤੇ ਨਗਰ ਕੌਂਸਲ ਕਾਂਗਰਸ ਕਮੇਟੀ ਦੀ ਬਣਾਈ ਜਾਵੇ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਖੇਡ ਸਟੇਡੀਅਮ, 40 ਮੁਕਤਿਆਂ ਦੀ ਯਾਦਗਾਰ ਮੁਕਤੇ ਮੀਨਾਰ, ਸਰਕਾਰੀ ਹਸਪਤਾਲ ਸਮੇਤ ਹੋਰ ਵਿਕਾਸ ਕੰਮ ਕਾਂਗਰਸ ਸਰਕਾਰਾਂ ਨੇ ਕਰਵਾਏ। ਇੱਥੋਂ ਤੱਕ ਕਿ ਸ੍ਰੀ ਅਤੇ ਸਾਹਿਬ ਦਾ ਸਨਮਾਨ ਵੀ ਕਾਂਗਰਸ ਸਰਕਾਰ ਵੇਲੇ ਮਿਲਿਆ। ਕੁੱਲ ਮਿਲਾ ਕੇ ਵੱਧ ਤੋਂ ਵੱਧ ਕੌਂਸਲਰ ਆਪਣੀ ਪਾਰਟੀ ਦੇ ਜਿਤਾਉਣ ਲਈ ਅਤੇ ਨਗਰ ਕੌਂਸਲ ਬਣਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਬਹੁਤ ਮਿਹਨਤ ਕੀਤੀ। ਸਾਰੇ ਵਾਰਡਾਂ ਵਿਚ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲ ਰਹੇ ਹਨ। ਕਈ ਵਾਰਡਾਂ ਵਿਚ ਬਹੁਤ ਕਾਂਟੇਦਾਰ ਟੱਕਰ ਹੈ। ਉਮੀਦਵਾਰ ਆਪਣੀ ਜਿੱਤ ਲਈ ਜ਼ੋਰ ਲਾ ਰਹੇ ਹਨ। ਅੱਜ ਵੋਟਾਂ ਪੈਣ ਉਪਰੰਤ ਉਮੀਦਵਾਰਾਂ ਦੀ ਕਿਸਮਤ ਡੱਬਿਆਂ ਵਿਚ ਬੰਦ ਹੋ ਜਾਵੇਗੀ ਅਤੇ 29 ਮਈ ਨੂੰ ਚੋਣ ਨਤੀਜੇ ਆਉਣ 'ਤੇ ਹੀ ਪਤਾ ਲੱਗੇਗਾ ਕਿ ਕੌਂਸਲਰ ਦਾ ਤਾਜ ਕਿਸ ਕਿਸ ਦੇ ਸਿਰ ਸੱਜਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਅਫ਼ਸਰ ਦਾ ਨੋਟਿਸ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਆਪਣੀਆਂ ਮੰਗਾਂ ਮਨਾਉਣ ਲਈ ਲਗਾਇਆ ਰੋਸ ਧਰਨਾ
Ad Position 24