ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਜ਼ਾਇਜਾ ਲੈਂਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚੋਂ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ, ਗਿੱਦੜਬਾਹਾ ਦੇ 19 ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਲਈ 61 ਪੋਲਿੰਗ ਬੂਥ ਬਣਾਏ ਗਏ ਹਨ | ਨਗਰ ਕੌਂਸਲ ਦੀਆਂ ਚੋਣਾਂ ਵਿਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚੋਂ 93100 ਪੁਰਸ਼, 84476 ਅÏਰਤਾਂ ਅਤੇ 10 ਟਰਾਂਸਜੈਂਡਰ ਸ਼ਾਮਿਲ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਨਣ | ਅਭੀਮਨਯੂ ਰਾਣਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਵਲੋਂ ਤਕਰੀਬਨ 1500 ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਤੈਨਾਤ ਕੀਤਾ ਗਿਆ ਹੈ | ਇਸ ਦੌਰਾਨ ਸਿਟੀ ਸੀਲਿੰਗ, ਪੈਟਰੋਲਿੰਗ ਪਾਰਟੀਆਂ, ਨਾਕਾਬੰਦੀ, ਨਾਈਟ ਗਸ਼ਤ, ਇੰਟਰਸਟੇਟ ਨਾਕੇ ਅਤੇ ਇੰਟਰ-ਡਿਸਟਕਿ੍ਟ ਪੁਆਇੰਟਾਂ 'ਤੇ ਪੁਲਿਸ ਫੋਰਸ ਮੁਸਤੈਦ ਕੀਤੀ ਗਈ ਹੈ | ਪੁਲਿਸ ਮੁਲਾਜ਼ਮਾਂ ਵਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ | ਇਸ ਤੋਂ ਇਲਾਵਾ ਤਿੰਨਾਂ ਸਬ ਡਵੀਜ਼ਨਾਂ ਦੇ ਬੂਥਾਂ 'ਤੇ ਵੀ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ | ਇਸ ਮੌਕੇ ਗੁਰਕਿਰਨਦੀਪ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ |