ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਜਿੰਦਰ ਸਿੰਘ ਦੂਹੇਵਾਲਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਹੋਰ ਮੁੱਦਿਆਂ ਤੋਂ ਇਲਾਵਾ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ, ਯੂਰੀਆ ਤੇ ਡੀ.ਏ.ਪੀ. ਖ਼ਾਦ ਦੀ ਕਿੱਲਤ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ, ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਐੱਮ.ਐੱਸ.ਪੀ. ਵਿਚ ਕੀਤਾ ਗਿਆ ਨਿਗੂਣਾ ਵਾਧਾ, ਪੰਜਾਬ ਸਰਕਾਰ ਵਲੋਂ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਅਤੇ ਬੈਂਕਾਂ ਵਲੋਂ ਨਗਦੀ ਦੇਣ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਹਟਾਈਆ ਜਾਣ ਆਦਿ ਮੰਗਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਮਾਲਵਾ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਂਵਾਲ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਆਗੂਆਂ ਨੇ ਕਿਹਾ ਕਿ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ | ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਗਰਮੀ ਹੋਣ ਕਰਕੇ ਮੱਕੀ, ਸਬਜ਼ੀਆਂ ਤੇ ਝੋਨੇ ਦੀ ਪਨੀਰੀ ਪਾਣੀ ਖੁਣੋਂ ਮੱਚ ਰਹੀਆਂ ਹਨ, ਜਿਸ ਕਾਰਨ ਸ਼ਾਮ 5 ਤੋਂ 7 ਵਜੇ ਤੱਕ ਮੋਟਰਾਂ ਵਾਲੀ ਲਾਈਟ ਦਾ ਪ੍ਰਬੰਧ ਯਕੀਨੀ ਬਣਾਉਣ ਦੀ ਸਰਕਾਰ ਕੋਲੋਂ ਮੰਗ ਕੀਤੀ ਗਈ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 2 ਜੂਨ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਮੂਹਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਧਰਨਾ ਦਿੱਤਾ ਜਾਵੇਗਾ ਤੇ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਜਾਵੇਗਾ |