ਸ੍ਰੀ ਮੁਕਤਸਰ ਸਾਹਿਬ, 30 ਮਈ (ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਾਰੀਕੀ ਨਾਲ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ | ਇਸ ਸੰਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ | ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ | ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ | 3 ਅਗਸਤ 2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਤੇ ਇਤਰਾਜ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 753 ਬੂਥਾਂ 'ਤੇ 753 ਬੀ.ਐੱਲ.ਓਜ਼. 81 ਬੀ.ਐੱਲ.ਓ. ਸੁਪਰਵਾਈਜ਼ਰ ਅਤੇ 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ, 8 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ | ਜ਼ਿਲ੍ਹੇ ਵਿਚ 6,93,302 ਵੋਟਰਾਂ ਵਿਚੋਂ 6,40,274 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 92.35 ਪ੍ਰਤੀਸ਼ਤ ਬਣਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਐਨੁਮਿਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਐਨੁਮਿਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਬੀ.ਐੱਲ.ਓਜ਼. ਲਈ 16 ਜੂਨ 2026 ਤੋਂ 20 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਗਈ ਹੈ | ਇਸ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਨੂੰ ਬੀ.ਐੱਲ.ਏ. ਨਿਯੁਕਤ ਕਰਨ ਲਈ ਅਪੀਲ ਕੀਤੀ ਜਾਂਦੀ ਹੈ | ਐੱਸ.ਆਈ.ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐੱਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ | ਇਨ੍ਹਾਂ ਵਿਚ ਜਨਮ ਸਰਟੀਫ਼ਿਕੇਟ, ਪਾਸਪੋਰਟ, ਮੈਟਿ੍ਕ/ਵਿਦਿਅਕ ਸਰਟੀਫ਼ਿਕੇਟ, ਸਥਾਈ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫ਼ਿਕੇਟ ਆਦਿ ਸ਼ਾਮਲ ਹਨ | ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਬੀ.ਐੱਲ.ਓ. ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ | ਇਸ ਸੰਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪ ਲਾਈਨ ਨੰਬਰ 1950 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ |