ਮਲੋਟ, 30 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਦੇਸ਼ ਭਰ ਵਿਚ ਵਧ ਰਹੀਆਂ ਤੇਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਉਲੀਕਿਆ ਗਿਆ, ਜਿਸ ਵਿਚ ਸਮੁੱਚੀ ਸਥਾਨਕ ਕਾਂਗਰਸ ਲੀਡਰਸ਼ਿਪ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਆਮ ਲੋਕਾਂ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਇਨ੍ਹਾਂ ਕੀਮਤਾਂ ਨੇ ਆਮ ਜਨਤਾ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਚੋਣਾਂ ਦੌਰਾਨ ਅਹਿਮ ਡਿਊਟੀ ਨਿਭਾਉਣ ਵਾਲੇ ਆਗੂ ਹੈਪੀ ਖੇੜਾ ਨੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਬੇਕਾਬੂ ਹੋ ਚੁੱਕੀ ਮਹਿੰਗਾਈ ਕਾਰਨ ਅੱਜ ਹਰ ਮਾਂ-ਭੈਣ ਨੂੰ ਘਰ ਦਾ ਚੁੱਲ੍ਹਾ ਚਲਾਉਣਾ ਔਖਾ ਹੋਇਆ ਪਿਆ ਹੈ | ਰੋਜ਼ਮ੍ਹਰਾ ਦੀਆਂ ਲੋੜੀਂਦੀਆਂ ਵਸਤੂਆਂ ਦੇ ਰੇਟ ਅਸਮਾਨੀ ਚੜ੍ਹ ਚੁੱਕੇ ਹਨ | ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕਿਹਾ ਕਿ ਪੰਜਾਬ ਪ੍ਰਧਾਨ ਦੇ ਸੱਦੇ 'ਤੇ ਅੱਜ ਸਾਰੇ ਪੰਜਾਬ ਦੇ ਹਰ ਜ਼ਿਲ੍ਹੇ ਤੇ ਤਹਿਸੀਲ ਵਿਚ ਤੇਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਆਸਮਾਨ ਨੂੰ ਛੂਹ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਲਈ ਜੀਵਨ ਨਿਰਵਾਹ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਨੱਥੂ ਰਾਮ ਗਾਂਧੀ, ਮਾਸਟਰ ਜਸਪਾਲ ਸਿੰਘ, ਸਾਬਕਾ ਕੌਂਸਲਰ ਅਸ਼ਵਨੀ ਖੇੜਾ, ਬਲਾਕ ਪ੍ਰਧਾਨ ਜਸਵਿੰਦਰ ਕੌਰ (ਇਸਤਰੀ ਵਿੰਗ) ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |