ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਅਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਕੈਂਪ ਸਥਾਨਾਂ 'ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਆਮ ਨਾਗਰਿਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਤੁਰੰਤ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਤੇ ਸਮੇਂ-ਬੱਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ) ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੀ ਚਾਰੇ ਸਬ ਡਵੀਜ਼ਨਾਂ ਅੰਦਰ ਬਹੁਤ ਹੀ ਵਿਵਸਥਿਤ ਢੰਗ ਨਾਲ ਚਲਾਈ ਗਈ | ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |