ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਗਿੱਦੜਬਾਹਾ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾਕਟਰ ਦਿ੍ਸ਼ਟੀ ਕਾਂਸਲ ਆਮ ਆਦਮੀ ਕਲੀਨਿਕ ਗਿੱਦੜਬਾਹਾ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 26 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ 'ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜ, ਡਾ. ਰੋਬਿਨ ਜ਼ਿਲ੍ਹਾ ਐਪੀਡੀਮੋਲੋਜਿਸਟ, ਲੱਕੀ ਕੁਮਾਰ ਕਲਰਕ, ਪਵਿੱਤਰ ਸਿੰਘ ਐੱਮ.ਐੱਲ.ਟੀ., ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਹਾਜ਼ਰ ਸਨ |