ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਰੱਖਿਆ | ਇਸ ਸਮੇਂ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ ਅਤੇ ਅਮਰ ਸਿੰਘ ਮੀਤ ਪ੍ਰਧਾਨ ਸਟੋਰ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਵੱਖ-ਵੱਖ ਪੋਸਟਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਇਸ ਮੌਕੇ ਪੰਜਾਬ ਸਰਕਾਰ ਤੇ ਪਾਵਰਕਮ ਦੀ ਮੈਨੇਜਮੈਂਟ ਦਾ ਪੁਤਲਾ ਫ਼ੂਕਿਆ | ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ 14 ਜੂਨ ਤੱਕ ਮੈਨੇਜਮੈਂਟ ਵਲੋਂ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ |