ਗਿੱਦੜਬਾਹਾ, 12 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼ਹਿਰ ਦੀ ਬਰਫ਼ ਵਾਲੀ ਗਲੀ ਅਤੇ ਸੁਭਾਸ਼ ਨਗਰ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਗੰਭੀਰ ਸੀਵਰੇਜ ਸਮੱਸਿਆ ਨਾਲ ਜੂਝ ਰਹੇ ਹਨ | ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਸੀਵਰੇਜ ਲਾਈਨਾਂ ਜਾਮ ਹੋਣ ਕਾਰਨ ਗੰਦਾ ਪਾਣੀ ਸੜਕਾਂ ਤੇ ਗਲੀਆਂ ਵਿਚ ਖੜ੍ਹਾ ਹੋ ਗਿਆ ਹੈ, ਜਿਸ ਨਾਲ ਆਵਾਜਾਈ ਵਿਚ ਰੁਕਾਵਟ ਪੈਦਾ ਹੋ ਰਹੀ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਕਈ ਵਾਰ ਸੰਬੰਧਿਤ ਵਿਭਾਗ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਬਦਬੂ ਫ਼ੈਲ ਰਹੀ ਹੈ, ਜਿਸ ਨਾਲ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ | ਇਸ ਦੇ ਨਾਲ ਹੀ ਮੱਛਰਾਂ ਦੀ ਗਿਣਤੀ ਵੀ ਵਧ ਗਈ ਹੈ, ਜਿਸ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਵਸਨੀਕਾਂ ਦਾ ਕਹਿਣਾ ਹੈ ਕਿ ਸਭ ਤੋਂ ਵੱਧ ਦਿੱਕਤ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਨੂੰ ਆ ਰਹੀ ਹੈ | ਗਲੀ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਵਿਚ ਮੁਸ਼ਕਿਲ ਆ ਰਹੀ ਹੈ | ਕਈ ਥਾਵਾਂ 'ਤੇ ਪਾਣੀ ਘਰਾਂ ਦੇ ਦਰਵਾਜ਼ਿਆਂ ਦੇ ਬਾਹਰ ਖੜ੍ਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਹੋਣੀ ਸੁਭਾਵਿਕ ਹੈ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਵਰੇਜ ਪ੍ਰਣਾਲੀ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਦੂਜੇ ਪਾਸੇ ਸੀਵਰੇਜ ਬੋਰਡ ਦੇ ਜੇ.ਈ. ਲਖਵਿੰਦਰ ਸਿੰਘ ਭੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਰਿਪਲੇਸਮੈਂਟ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਆਉਂਦੇ ਕੁਝ ਦਿਨਾਂ ਵਿਚ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ |