ਮੰਡੀ ਕਿੱਲਿਆਂਵਾਲੀ, 22 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਜਲੰਧਰ ਵਿਖੇ ਧਰਨੇ ਅਤੇ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਦੀ ਤਿਆਰੀ ਲਈ ਪਿੰਡ-ਪਿੰਡ ਮੀਟਿੰਗਾਂ ਅਤੇ ਰੈਲੀਆਂ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਿੰਡ ਸਿੰਘੇਵਾਲਾ ਵਿਚ ਅੱਜ ਸਰਗਰਮ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੌਕੇ ਮਤੇ ਪਾਸ ਕਰਕੇ ਦਿੱਲੀ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਦੀ ਨਿਖੇਧੀ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖ਼ਪਤਕਾਰਾਂ ਲਈ ਨੁਕਸਾਨਦਾਇਕ ਦੱਸਦੇ ਹੋਏ ਵਾਰਤਾ ਰੱਦ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਚੱਲ ਰਹੀ ਹੈ ਅਤੇ ਮਨਰੇਗਾ, ਲਾਲ ਲਕੀਰ ਅੰਦਰ ਘਰਾਂ ਦੇ ਮਾਲਕੀ ਹੱਕ, ਪੈਨਸ਼ਨਾਂ ਵਿਚ ਵਾਧਾ, ਨਸ਼ਾ ਰੋਕਣ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਸਹਾਇਤਾ ਤੇ ਜ਼ਮੀਨੀ ਹੱਦਬੰਦੀ ਕਾਨੂੰਨ ਵਰਗੇ ਮਸਲੇ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਵਧ ਰਹੀਆਂ ਹਨ, ਪਰ ਸਰਕਾਰ ਵੱਡੇ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਥਾਂ ਪੀੜਤਾਂ ਨੂੰ ਹੀ ਗ੍ਰਿਫ਼ਤਾਰ ਕਰਕੇ ਅੰਕੜਿਆਂ ਦੀ ਬਾਜ਼ੀਗਰੀ ਕਰ ਰਹੀ ਹੈ। ਉਨ੍ਹਾਂ ਆਗੂਆਂ ਨੂੰ ਪਿੰਡ-ਪਿੰਡ ਚੇਤਨਾ ਤੇ ਲਾਮਬੰਦੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਾ ਸਿੰਘ ਖੂੰਨਣ ਖੁਰਦ, ਰਾਮਪਾਲ ਗੱਗੜ, ਕਾਲਾ ਸਿੰਘ ਸਿੰਘੇਵਾਲਾ, ਕਿਰਸ਼ਨਾ ਦੇਵੀ ਅਤੇ ਮੱਖਣ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।