ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਪਿਛਲੇ ਦਿਨੀਂ ਹੋਈ ਨੀਟ ਦੀ ਪ੍ਰੀਖਿਆ ਵਿਚ ਸ਼ਾਨਦਾਰ ਸਫ਼ਲਤਾ ਹਾਸਿਲ ਕਰਨ ਵਾਲੀਆਂ ਦੋ ਵਿਦਿਆਰਥਣਾਂ ਹਰਨੂਰ ਕੌਰ ਪੁੱਤਰੀ ਸੰਦੀਪ ਸਿੰਘ ਅਤੇ ਦੀਕਸ਼ਾ ਰਾਣੀ ਪੁੱਤਰੀ ਸਰਬਣ ਕੁਮਾਰ ਨੂੰ ਸਥਾਨਕ ਡਾ. ਚੰਦਾ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਇਹ ਦੋਵੇਂ ਵਿਦਿਆਰਥਣਾਂ ਪਿਛਲੇ ਸ਼ੈਸ਼ਨ ਦੌਰਾਨ ਇਸ ਸੰਸਥਾ ਤੋਂ 10+2 ਦੀ ਪੜ੍ਹਾਈ ਮੁਕੰਮਲ ਕਰਕੇ ਗਈਆਂ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀਆਂ ਇਹ ਪ੍ਰਾਪਤੀਆਂ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਨੌਜਵਾਨਾਂ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਗਵਾਈ ਦੇਣ ਵਾਲੇ ਅਧਿਆਪਕ ਕੁਲਵਿੰਦਰ ਸਿੰਘ ਸਕੂਲ ਕੌਂਸਲਰ, ਅਮਨਦੀਪ ਕੌਰ ਅਤੇ ਸਮੁੱਚੀ ਫ਼ੈਕਲਟੀ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਇਹ ਸਫ਼ਲਤਾ ਸੰਭਵ ਹੋਈ। ਇਸ ਦੌਰਾਨ ਸਨਮਾਨਿਤ ਦੋਵਾਂ ਵਿਦਿਆਰਥਣਾਂ ਨੇ ਆਪਣੇ ਵਿਚਾਰ ਸਕੂਲ ਦੀਆਂ ਵਿਦਿਆਰਥਣਾਂ ਨਾਲ ਸਾਂਝੇ ਕੀਤੇ। ਇਸ ਮੌਕੇ ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਪਿ੍ਰਅੰਕਾ ਜੈਨ, ਵਿਵੇਕ ਕਪੂਰ, ਨਵਦੀਪ ਕੱਕੜ, ਕੁਲਵਿੰਦਰ ਸਿੰਘ, ਸਵਰਨਜੀਤ ਸਿੰਘ, ਰਾਜਿੰਦਰ ਸਿੰਘ ਆਦਿ ਮੌਜੂਦ ਸਨ।