ਮਲੋਟ/ਰੁਪਾਣਾ, 28 ਜੁਲਾਈ (ਪਾਟਿਲ, ਜਗਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਅਤੇ ਮੰਡਲ ਰੁਪਾਣਾ ਦੇ ਪ੍ਰਧਾਨ ਜਗਸੀਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਪਿੰਡ ਤਾਮਕੋਟ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਰਾਸ਼ਟਰਵਾਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕਈ ਪੁਰਾਣੇ ਵਰਕਰਾਂ ਨੇ ਘਰ ਵਾਪਸੀ ਕਰਦਿਆਂ ਮੁੜ ਭਾਰਤੀ ਜਨਤਾ ਪਾਰਟੀ ਵਿਚ ਆਪਣਾ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਅਤੇ ਘਰ ਵਾਪਸੀ ਕਰਨ ਵਾਲੇ ਵਰਕਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਦੇਸ਼ ਤੇ ਸਮਾਜ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਭਾਜਪਾ ਨਾਲ ਮਜ਼ਬੂਤ ਹੋ ਰਿਹਾ ਹੈ। ਮੰਡਲ ਪ੍ਰਧਾਨ ਜਗਸੀਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਪਿੰਡਾਂ ਵਿਚ ਭਾਜਪਾ ਪ੍ਰਤੀ ਲੋਕਾਂ ਦਾ ਰੁਝਾਨ ਦਿਨੋਂ-ਦਿਨ ਵਧ ਰਿਹਾ ਹੈ ਅਤੇ ਨਵੇਂ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਤੇ ਘਰ ਵਾਪਸੀ ਕਰਨ ਵਾਲੇ ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਮਲੋਟ ਤੋਂ ਸਾਬਕਾ ਵਿਧਾਇਕ ਬਲਦੇਵ ਸਿੰਘ ਬੱਲਮਗੜ੍ਹ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸੰਧੂ, ਸੀਨੀਅਰ ਆਗੂ ਪਰਮਿੰਦਰ ਸਿੰਘ ਪਾਸ਼ਾ, ਗੁਰਵਿੰਦਰ ਸਿੰਘ ਲੱਕੜਵਾਲਾ, ਸੰਤ ਸਿੰਘ ਲੱਕੜਵਲਾ, ਸੁਖਰਾਜ ਬਰਾੜ ਸੋਥਾ, ਸੁਖਬੀਰ ਸਿੰਘ ਫੂਲੇਵਾਲਾ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ।