ਸ਼ਹਿਰ ’ਚ ਬੰਦ ਪਈਆਂ ਸਟਰੀਟ ਲਾਈਟਾਂ ਠੀਕ ਕਰਨ ਦੀ ਮੰਗ
ਅਜੀਤ ਡੈਸਕ
30-07-2026
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਕਈ ਮੁਹੱਲਿਆਂ ਵਿਚ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਰਾਹਗੀਰਾਂ ਨੂੰ ਰਾਤ ਸਮੇਂ ਮੁਸ਼ਕਿਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਚੋਰੀ ਦੀਆਂ ਘਟਨਾਵਾਂ ਵਧਦੀਆਂ ਹਨ ਅਤੇ ਮਾੜੇ ਅਨਸਰਾਂ ਨੂੰ ਹਨੇਰੇ ਦਾ ਲਾਭ ਮਿਲਦਾ ਹੈ। ਇਸ ਸੰਬੰਧੀ ਕੌਂਸਲਰ ਗੁਰਮੀਤ ਸਿੰਘ ਜੀਤਾ ਨੇ ਕਿਹਾ ਕਿ ਸਟਰੀਟ ਲਾਈਟਾਂ ਠੀਕ ਕਰਨ ਲਈ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਠੀਕ ਨਹੀਂ ਕੀਤੀਆਂ ਜਾਂਦੀਆਂ। ਇਸ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਲਾਉਣ ਤੇ ਠੀਕ ਕਰਨ ਦਾ ਕੰਮ ਜਿਨ੍ਹਾਂ ਵਿਅਕਤੀਆਂ ਕੋਲ ਹੈ, ਉਨ੍ਹਾਂ ਨੂੰ ਤੁਰੰਤ ਇਸ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਿਹੜੇ ਮੁਹੱਲਿਆਂ, ਸੜਕਾਂ ਤੇ ਗਲੀਆਂ ਵਿਚ ਸਟਰੀਟ ਲਾਈਟਾਂ ਬੰਦ ਹਨ, ਉਨ੍ਹਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ।