ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਪਹੁੰਚਣ ’ਤੇ ਭਰਵਾਂ ਸਵਾਗਤ
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹੱਦ ’ਤੇ ਪਿੰਡ ਮੱਲਣ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਿਆ ਤਾਂ ਫੁੱਲਾਂ ਦੀ ਵਰਖਾ ਕਰਕੇ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ।
ਸ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮੱਲਣ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਤ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ। ਤਸਵੀਰ: ਰਣਜੀਤ ਸਿੰਘ ਢਿੱਲੋਂ
02-08-2026
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹੱਦ ’ਤੇ ਪਿੰਡ ਮੱਲਣ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਿਆ ਤਾਂ ਫੁੱਲਾਂ ਦੀ ਵਰਖਾ ਕਰਕੇ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ। ਇਸ ਤੋਂ ਇਲਾਵਾ ਦੂਜੀ ਗੱਡੀ ਵਿਚ ਸੁਸ਼ੋਭਿਤ ਵੱਖ-ਵੱਖ ਸ਼ਸਤਰਾਂ ਦੇ ਦਰਸ਼ਨ ਕੀਤੇ। ਇੱਥੇ ਕੇਸਰੀ ਦਸਤਾਰ ਬੰਨ੍ਹ ਕੇ ਨੌਜਵਾਨਾਂ ਵਲੋਂ ਮਾਰਚ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸਿੱਖੀ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨ ਦੇ ਸਿਧਾਂਤ ’ਤੇ ਚੱਲਣ ਨਾਲ ਹੀ ਜੀਵਨ ਸਫ਼ਲ ਹੋ ਸਕਦਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਨਾਲ ਸਰਕਾਰ ਰਾਬਤਾ ਕਰੇ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਿਚ ਚਲਾਕੀ ਨਹੀਂ, ਬਲਕਿ ਸਿੱਖ ਕੌਮ ਸਥਾਈ ਹੱਲ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵਲੋਂ ਬਖਸ਼ਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ’ਤੇ ਵੀ ਮਜ਼ਬੂਤ ਹੋਵੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਬੀਬੀ ਗੁਰਦਿਆਲ ਕੌਰ ਮੱਲਣ, ਗੁਰਵਿੰਦਰ ਸਿੰਘ ਵਣਵਾਲਾ, ਐਡਵੋਕੇਟ ਗੁਰਮੀਤ ਸਿੰਘ ਮਾਨ, ਚਰਨਜੀਤ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਜੇ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਮੈਨੇਜਰ ਭਾਈ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਸੁਮੇਰ ਸਿੰਘ ਬਾਦੀਆਂ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ। ਇਸ ਤੋਂ ਅੱਗੇ ਖਾਲਸਾ ਮਾਰਚ ਗੂੜ੍ਹੀ ਸੰਘਰ, ਕਾਉਣੀ, ਦੋਦਾ ਅਤੇ ਭੁੱਲਰ ਪਿੰਡ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਸਾਰੇ ਪਿੰਡਾਂ ਵਿਚ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਅਗਲੇ ਦਿਨ 2 ਅਗਸਤ ਨੂੰ ਸਵੇਰੇ 8 ਵਜੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਤੋਂ ਰਵਾਨਗੀ ਹੋਵੇਗੀ।