ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਨਿਸਟਰੀਅਲ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਸੰਘਰਸ਼ ਦਾ ਵਿਲੱਖਣ ਅੰਦਾਜ਼ ਦੇਖਣ ਨੂੰ ਮਿਲਿਆ ਜਦੋਂ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਫ਼ਿਜ਼ਾ ਗੂੰਜਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਆਦਿ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਸੰਘਰਸ਼ ਦਾ ਵਿਲੱਖਣ ਅੰਦਾਜ਼ ਦੇਖਣ ਨੂੰ ਮਿਲਿਆ ਜਦੋਂ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀਆਂ ਨੇ ਇਕੱਠੇ ਹੋ ਕੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਫ਼ਿਜ਼ਾ ਗੂੰਜਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਦੇ ਨਾਲ ਸੰਘਰਸ਼ਾਂ ਵਿਚ ਬੈਠਣ ਵਾਲੇ ਵਿੱਤ ਮੰਤਰੀ ਅੱਜ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਐਂਟੀ ਸਟੇਟ ਕਰ ਰਹੇ ਹਨ, ਜਦਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਨੇ ਇਹ ਦੱਸ ਦਿੱਤਾ ਹੈ ਕਿ ਪੰਜਾਬ ਦੇ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਤੋਂ ਬੇਤਹਾਸ਼ਾ ਦੁਖੀ ਹੈ। ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਦਾ ਮੁਲਾਜ਼ਮ ਵਰਗ ਜਾਗ ਚੁੱਕਾ ਹੈ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਕੋਈ ਵੀ ਮੰਗ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਹੱਥਾਂ ਵਿਚ ਤਿਰੰਗੇ ਝੰਡੇ ਫ਼ੜ੍ਹ ਕੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰੇ ਲਗਾਏ ਗਏ ਹਨ ਅਤੇ ਸਰਕਾਰ ਨੂੰ ਆਪਣਾ ਰੋਸ ਦਰਜ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਬਕਾਇਆ ਮਹਿੰਗਾਈ ਭੱਤਾ 15 ਅਗਸਤ ਤੱਕ ਜਾਰੀ ਨਾ ਕੀਤਾ ਤਾਂ 17 ਤੇ 18 ਅਗਸਤ ਨੂੰ ਮੁਕੰਮਲ ਕੰਮ ਠੱਪ ਕਰਕੇ ਕਲਮਛੋੜ/ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਫ਼ਿਰ ਵੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਤੋਂ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।