ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
ਮਲੋਟ, 25 ਅਗਸਤ (ਪਾਟਿਲ)-ਪੀ. ਏ.
ਮਲੋਟ, 25 ਅਗਸਤ (ਪਾਟਿਲ)-ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਕੁਰਾਈਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਦੇ ਲਗਪਗ 75 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਣ ਵਾਲੀ ਕਣਕ ਦੀ ਫ਼ਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਜਗਮਨਜੋਤ ਸਿੰਘ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਤੇ ਫ਼ਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸੰਬੰਧੀ ਦੱਸਿਆ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਸਲੀ ਵਿਭਿੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਤੇ ਸਬਜ਼ੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਕੈਂਪ ਵਿਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।